ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ : ਐਡਵੋਕੇਟ ਧਾਮੀ

Saturday, Sep 21, 2024 - 12:57 AM (IST)

ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ : ਐਡਵੋਕੇਟ ਧਾਮੀ

ਅੰਮ੍ਰਿਤਸਰ, (ਦੀਪਕ/ਸਰਬਜੀਤ/ਪਰਾਸ਼ਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਆਦਰਸ਼ ਕਾਲੋਨੀ ਪੁਲਸ ਚੌਕੀ ਦੇ ਇੰਚਾਰਜ ਵੱਲੋਂ ਜਾਂਚ ਦੇ ਨਾਂ ’ਤੇ ਸਿੱਖ ਨੌਜਵਾਨ ਜਸਦੀਪ ਸਿੰਘ ਨਾਲ ਬਦਸਲੂਕੀ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੁਲਸ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਦੁੱਖਦਾਈ ਤੇ ਗੈਰ-ਜ਼ਿੰਮੇਵਰਾਨਾ ਹਰਕਤ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਅੰਦਰ ਘੱਟਗਿਣਤੀਆਂ ਅਤੇ ਖਾਸ ਕਰ ਕੇ ਸਿੱਖਾਂ ਨਾਲ ਨਫਤਰੀ ਵਤੀਰੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਕੁਝ ਫ਼ਿਰਕੂ ਮਾਨਸਿਕਤਾ ਵਾਲੇ ਲੋਕ ਅਜਿਹੀਆਂ ਹਰਕਤਾਂ ਕਰ ਕੇ ਸਮਾਜਿਕ ਭਾਈਚਾਰੇ ਨੂੰ ਵੀ ਸੱਟ ਮਾਰਦੇ ਹਨ, ਜੋ ਦੇਸ਼ ਹਿੱਤ ਵਿਚ ਨਹੀਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਸ ਦਾ ਕੰਮ ਲੋਕਾਂ ਦੀ ਰਖਵਾਲੀ ਕਰਨਾ ਹੈ, ਪਰ ਜਦੋਂ ਕੋਈ ਪੁਲਸ ਅਧਿਕਾਰੀ ਜਾਣ ਬੁੱਝ ਕੇ ਇਕ ਖਾਸ ਭਾਈਚਾਰੇ ਦੇ ਨੌਜਵਾਨ ਨਾਲ ਗ਼ਲਤ ਤਰੀਕੇ ਪੇਸ਼ ਆਉਂਦਾ ਹੈ ਤਾਂ ਇਹ ਹੋਰ ਵੀ ਮੰਦਭਾਗਾ ਹੈ। ਐਡਵੋਕੇਟ ਧਾਮੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਬੰਧਤ ਪੁਲਸ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।


author

Rakesh

Content Editor

Related News