ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ 5 ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ

Saturday, Nov 01, 2025 - 12:47 PM (IST)

ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ 5 ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ

ਅੰਮ੍ਰਿਤਸਰ (ਇੰਦਰਜੀਤ/ਜਸ਼ਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਛੇਹਰਟਾ ਦੇ ਰਹਿਣ ਵਾਲੇ ਲਲਿਤ ਅਰੋੜਾ ਨਾਮਕ ਵਿਅਕਤੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਛੇਹਰਟਾ ਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ, ਜਿਸ ਨੇ ਰਿਪੋਰਟ ਦਿੱਤੀ ਸੀ ਕਿ ਐੱਸ. ਐੱਚ. ਓ. ਅਤੇ ਉਸ ਦੀ ਟੀਮ ਉਸ ਦੇ ਘਰ ਗਈ ਸੀ, ਜਿਸ ਵਿਚ ਉਸ ’ਤੇ ਅਤੇ ਉਸ ਦੇ ਚਚੇਰੇ ਭਰਾ ’ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਪੁਲਸ ਨੇ ਕਥਿਤ ਤੌਰ ’ਤੇ ਚਿਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੋਵਾਂ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਸ਼ਿਕਾਇਤ ਕਰਤਾ ਦੀ ਇੱਕ ਕਾਰ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜਿਸ ਵਿਚ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ।

ਇਹ ਵੀ ਪੜ੍ਹੋ- ਪੰਜਾਬ : ਰੂਹ ਕੰਬਾਊ ਮੌਤ, ਪਤੀ ਨੇ ਕਹੀ ਨਾਲ ਵੱਢ'ਤੀ ਪਤਨੀ

ਸ਼ਿਕਾਇਤ ਅਨੁਸਾਰ ਸ਼ਿਕਾਇਤ ਕਰਤਾ ਨੇ ਬਾਅਦ ਵਿਚ ਮਾਮਲੇ ਨੂੰ ਸੁਲਝਾਉਣ ਵਿਚ ਮਦਦ ਕਰਨ ਲਈ ਐੱਸ. ਐੱਚ. ਓ. ਦੇ ਜਾਣਕਾਰ ਲਲਿਤ ਅਰੋੜਾ ਨਾਲ ਸੰਪਰਕ ਕੀਤਾ। ਅਰੋੜਾ ਨੇ ਕਥਿਤ ਤੌਰ ’ਤੇ ਐੱਸ. ਐੱਚ. ਓ. ਵੱਲੋਂ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਨਾ ਕਰਨ ਦੇ ਬਦਲੇ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤ ਕਰਤਾ ਨੇ ਤੁਰੰਤ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਸਿਰਫ਼ 5 ਲੱਖ ਰੁਪਏ ਦਾ ਪ੍ਰਬੰਧ ਕਰ ਸਕਦਾ ਹੈ, ਜਿਸ ਨੂੰ ਅਰੋੜਾ ਨੇ ਪਹਿਲੀ ਕਿਸ਼ਤ ਦੇ ਭੁਗਤਾਨ ਵਜੋਂ ਦੇਣ ਲਈ ਸਹਿਮਤੀ ਦੇ ਦਿੱਤੀ।

ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਉਕਤ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਅਰੋੜਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਨਵੰਬਰ ਦੀ ਮਹੀਨੇ ਸ਼ੁਰੂਆਤ 'ਚ ਹੀ...

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News