ਸਰਹੱਦੀ ਪਿੰਡ ਹਰਦਾਨ ਵਿਖੇ ਸ਼ਿਵ ਧਾਮ ਦੋਮੂੰਹਾ ਮੰਦਰ ਦੇ ਸਰੋਵਰ ''ਚ ਵੜਿਆ ਪਾਣੀ, ਨੇੜਲੇ ਖੇਤ ਵੀ ਡੁੱਬੇ

Thursday, Jul 23, 2026 - 09:54 PM (IST)

ਸਰਹੱਦੀ ਪਿੰਡ ਹਰਦਾਨ ਵਿਖੇ ਸ਼ਿਵ ਧਾਮ ਦੋਮੂੰਹਾ ਮੰਦਰ ਦੇ ਸਰੋਵਰ ''ਚ ਵੜਿਆ ਪਾਣੀ, ਨੇੜਲੇ ਖੇਤ ਵੀ ਡੁੱਬੇ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਗੁਰਦਾਸਪੁਰ ਦੇ ਪਿੰਡ ਹਰਦਾਨ ਵਿਖੇ ਸਥਿਤ ਪ੍ਰਸਿੱਧ ਸ਼ਿਵ ਧਾਮ ਦੋਮੂੰਹਾ ਮੰਦਰ ਦੇ ਸਰੋਵਰ ਵਿੱਚ ਵੀ ਪਾਣੀ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਨੇੜਲੇ ਖੇਤਾਂ ਵਿੱਚ ਵੀ ਪਾਣੀ ਭਰ ਜਾਣ ਕਾਰਨ ਕਈ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਖੇਤਾਂ ਅਤੇ ਨੀਵੇਂ ਇਲਾਕਿਆਂ ਵਿੱਚ ਇਕੱਠਾ ਹੋ ਰਿਹਾ ਹੈ। ਪਿੰਡ ਨੂੰ ਆਉਣ-ਜਾਣ ਵਾਲੀਆਂ ਕਈ ਲਿੰਕ ਸੜਕਾਂ ਵੀ ਪਾਣੀ ਨਾਲ ਭਰ ਗਈਆਂ ਹਨ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ’ਤੇ ਸੜਕਾਂ ਉੱਪਰ ਪਾਣੀ ਖੜ੍ਹਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਵੀ ਖਤਰਾ ਬਣਿਆ ਹੋਇਆ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਿਰਨ ਨਾਲੇ ਦੀ ਚੰਗੀ ਤਰਾਂ ਨਾਲ ਸਫਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਅਨੁਸਾਰ ਜੇਕਰ ਨਾਲੇ ਦੀ ਸਮੇਂ ਸਿਰ ਸਫਾਈ ਕਰਵਾਈ ਜਾਂਦੀ ਤਾਂ ਬਾਰਿਸ਼ ਦਾ ਪਾਣੀ ਇੰਨੀ ਵੱਡੀ ਮਾਤਰਾ ਵਿੱਚ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵੱਲ ਨਾ ਆਉਂਦਾ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੌਕੇ ਦਾ ਤੁਰੰਤ ਜਾਇਜ਼ਾ ਲੈ ਕੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਕਿਰਨ ਨਾਲੇ ਦੀ ਸਫਾਈ ਕਰਵਾਈ ਜਾਵੇ, ਤਾਂ ਜੋ ਹੋਰ ਫਸਲਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬਾਰਿਸ਼ ਇਸੇ ਤਰ੍ਹਾਂ ਜਾਰੀ ਰਹੀ ਅਤੇ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ।


author

Inder Prajapati

Content Editor

Related News