ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ’ਤੇ ਇੰਨੀਆਂ ਮਿਹਰਬਾਨ ਕਿਉਂ? : ਭਾਈ ਰਾਮ ਸਿੰਘ
Saturday, Jan 21, 2023 - 04:05 PM (IST)

ਅੰਮ੍ਰਿਤਸਰ (ਸਰਬਜੀਤ)- ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਬਿਆਸ ਨੇੜੇ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ, ਪੁਲਸ ਮੁਲਾਜ਼ਮ ਨੂੰ ਲੱਗੀ ਗੋਲੀ
ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਭਾਈ ਰਾਮ ਸਿੰਘ ਨੇ ਕਿਹਾ ਕਿ ਸਰਕਾਰਾਂ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਬਾਹਰ ਲਿਆ ਕੇ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕੀ ਇਹ ਵੋਟਾਂ ਲਈ ਕੀਤੀ ਜਾ ਰਹੀ ਰਾਜਨੀਤੀ ਨਹੀਂ ਹੈ? ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬੰਦ ਸਿੱਖਾਂ ਲਈ ਪੂਰੀ ਕੌਮ ਸੰਘਰਸ਼ ਦੇ ਰਾਹ ’ਤੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਹੈ। ਇਥੋਂ ਤੱਕ ਕਿ ਕਈ ਸਿੱਖਾਂ ਬੰਦੀਆਂ ਨੂੰ ਪੈਰੋਲ ਦੇ ਹੱਕ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 6 ਮਹੀਨੇ ਦੇ ਪੁੱਤ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਅਪਰਾਧ ਦੀ ਪਰਿਭਾਸ਼ਾ ਦੋਸ਼ੀਆਂ ਲਈ ਵੱਖ-ਵੱਖ ਨਿਰਧਾਰਤ ਕਰਨੀ ਕਾਨੂੰਨ ਅਤੇ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਕਤਲ ਤੇ ਜਬਰਜਨਾਹ ਦੇ ਨਾਲ-ਨਾਲ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ, ਨੂੰ ਛੱਡ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਸੱਟ ਮਾਰੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।