ਨਵੀਆਂ ਵਿਕਸਿਤ ਹੋ ਰਹੀਆਂ 2 ਅਣ ਅਧਿਕਾਰਿਤ ਕਲੋਨੀਆਂ ''ਤੇ ਚੱਲਿਆ ਪੀਲਾ ਪੰਜਾ
Tuesday, Jun 02, 2026 - 03:57 PM (IST)
ਅੰਮ੍ਰਿਤਸਰ(ਨੀਰਜ): ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਹਾਇਕ ਨਗਰ ਯੋਜਨਕਾਰ ਸਮੇਤ ਰੈਗੂਲੇਟਰੀ ਵਿੰਗ ਵੱਲੋਂ ਪਿੰਡ ਚਾਟੀਵਿੰਡ ਵਿਖੇ ਲਿੰਕ ਰੋਡ ਉੱਪਰ ਕਿੰਗ ਐਵੀਨਿਉ ਅਤੇ ਇੱਕ ਹੋਰ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਦੋਨੋਂ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਰੈਗੁਲੇਟਰੀ ਵਿੰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚਾਟੀਵਿੰਡ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਨ੍ਹਾਂ ਵਿਰੁੱਧ 02 ਜੂਨ 2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ 'ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
ਰੈਗੁਲੇਟਰੀ ਵਿੰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਚਾਟੀਵਿੰਡ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਨੂੰ ਵਿਭਾਗ ਵੱਲੋਂ ਨੋਟਿਸ ਜਾਰੀ ਕਰਦੇ ਹੋਏ ਕਈ ਵਾਰ ਉਸਾਰੀ ਦਾ ਕੰਮ ਰੋਕਿਆ ਗਿਆ ਸੀ ਜਿਸਦੇ ਬਾਵਜੂਦ ਕਲੋਨੀਕਾਰ ਵੱਲੋਂ ਮੌਕੇ 'ਤੇ ਉਸਾਰੀ ਦਾ ਕੰਮ ਜਾਰੀ ਰੱਖਿਆ ਜਾ ਰਿਹਾ ਸੀ, ਜਿਸ ਕਰਕੇ ਉੱਚ ਅਧਿਕਾਰੀਆਂ ਵੱਲੋਂ ਇਸ ਅਣ-ਅਧਿਕਾਰਤ ਕਲੋਨੀ ਨੂੰ ਢਾਹੁਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਉਕਤ ਹੁਕਮਾਂ ਨੂੰ ਅਮਲ ਵਿੱਚ ਲਿਆਉਣ ਅਤੇ ਮੌਕੇ 'ਤੇ ਲਾਅ ਅਤੇ ਆਰਡਰ ਦੀ ਸਥਿਤੀ ਨੂੰ ਬਹਾਲ ਰੱਖਣ ਹਿੱਤ ਲੋੜੀਂਦੀ ਪੁਲਸ ਫੋਰਸ ਮੁਹੱਈਆ ਕਰਵਾਉਣ ਲਈ ਸੀਨੀਅਰ ਪੁਲਸ ਕਪਤਾਨ ਨੂੰ ਉਕਤ ਹੁਕਮਾਂ ਦੀ ਕਾਪੀ ਕਰਦੇ ਹੋਏ ਲਿਖਿਆ ਗਿਆ ਸੀ, ਪਰੰਤੂ ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਥਾਣਾ ਚਾਟੀਵਿੰਡ ਦੇ ਅਧਿਕਾਰੀਆਂ ਨਾਲ ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਉਨ੍ਹਾਂ ਵੱਲੋਂ ਲੋੜੀਂਦੀ ਪੁਲਸ ਫੋਰਸ ਮੁਹੱਈਆ ਨਾ ਕਰਵਾਉਣ ਦੇ ਕਾਰਨ ਉਕਤ ਕਲੋਨੀ ਖਿਲਾਫ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕੀ, ਜਿਸ ਦੇ ਚਲਦੇ ਅੱਜ ਦੁਬਾਰਾ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ- ਰੂਪਨਗਰ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਦੀ ਐਂਟਰੀ ਬੈਨ
ਇਸ ਤੋਂ ਇਲਾਵਾ ਪਿੰਡ ਚਾਟੀਵਿੰਡ ਵਿਖੇ ਵਿਕਸਿਤ ਕਿੰਗ ਐਵੀਨਿਉ ਖਿਲਾਫ ਪਹਿਲਾਂ ਵੀ ਮਿਤੀ 14/02/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ, ਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ 'ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।
ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਨ੍ਹਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
