ਕਾਂਗਰਸ ਨੂੰ ਵਾਅਦਾ-ਖਿਲਾਫੀ ਦਾ ਲੋਕ ਸਭਾ ਚੋਣਾਂ ''ਚ ਭੁਗਤਣਾ ਪਵੇਗਾ ਖਮਿਆਜ਼ਾ : ਮਾਹਲ

03/21/2019 11:18:22 AM

ਅੰਮ੍ਰਿਤਸਰ (ਛੀਨਾ)— ਸੂਬੇ ਦੇ ਲੋਕਾਂ ਨਾਲ ਵਾਅਦਾ-ਖਿਲਾਫੀ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਲੋਕ ਸਭਾ ਚੋਣਾਂ 'ਚ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ। ਇਹ ਵਿਚਾਰ ਸੀਨੀਅਰ ਯੂਥ ਅਕਾਲੀ ਆਗੂ ਮਨਪ੍ਰੀਤ ਸਿੰਘ ਮਾਹਲ ਨੇ ਹਲਕਾ ਦੱਖਣੀ ਅਧੀਨ ਪੈਂਦੇ ਪਿੰਡ ਸੁਲਤਾਨਵਿੰਡ ਵਿਖੇ ਅਕਾਲੀ ਆਗੂਆਂ, ਵਰਕਰਾਂ ਅਤੇ ਨਿਵਾਸੀਆਂ ਦੀ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਹਰ ਘਰ ਸਰਕਾਰੀ ਨੌਕਰੀ, ਕਿਸਾਨਾਂ ਦਾ ਮੁਕੰਮਲ ਕਰਜ਼ ਮੁਆਫ, ਬੇਰੋਜ਼ਗਾਰੀ ਭੱਤਾ, ਨੌਜਵਾਨਾਂ ਨੂੰ ਸਮਾਰਟ ਫੋਨ, ਪੈਨਸ਼ਨ 2500 ਅਤੇ ਸ਼ਗਨ ਸਕੀਮ 51 ਹਜ਼ਾਰ ਰੁਪਏ ਦੇਣ ਸਮੇਤ ਸੂਬੇ ਦੇ ਲੋਕਾਂ ਨਾਲ ਅਜਿਹੇ ਅਣਗਿਣਤ ਵਾਅਦੇ ਕੀਤੇ ਸਨ, ਜਿਨ੍ਹਾਂ 'ਚੋਂ ਸਰਕਾਰ ਨੇ 2 ਸਾਲਾਂ 'ਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।


ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਵਾਅਦਾ-ਖਿਲਾਫੀ ਕਾਰਨ ਸੂਬੇ ਦੇ ਲੋਕਾਂ 'ਚ ਭਾਰੀ ਗੁੱਸਾ ਹੈ ਅਤੇ ਉਹ ਕਾਂਗਰਸ ਨੂੰ ਲੋਕ ਸਭਾ ਚੋਣਾਂ 'ਚ ਇਸ ਦਾ ਚੰਗੀ ਤਰ੍ਹਾਂ ਅਹਿਸਾਸ ਕਰਵਾਉਣਗੇ। ਮਾਹਲ ਨੇ ਕਿਹਾ ਕਿ ਬਾਦਲ ਸਰਕਾਰ ਨੇ 10 ਸਾਲ 'ਰਾਜ ਨਹੀਂ ਸੇਵਾ' ਦੀ ਭਾਵਨਾ ਨਾਲ ਲੋਕਾਂ ਨੂੰ ਬਿਨਾਂ ਖੱਜਲ-ਖੁਆਰੀ ਦੇ ਸਭ ਸਹੂਲਤਾਂ ਪ੍ਰਦਾਨ ਕੀਤੀਆਂ ਸਨ ਅਤੇ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਪੱਖੋਂ ਬੁਲੰਦੀਆਂ 'ਤੇ ਪਹੁੰਚਾਇਆ ਸੀ ਪਰ ਫਿਰ ਵੀ ਲੋਕਾਂ ਨੇ ਕਾਂਗਰਸ ਦੇ ਝਾਂਸੇ 'ਚ ਫਸ ਕੇ ਉਸ ਦੇ ਹੱਥ ਸੂਬੇ ਦੀ ਵਾਗਡੋਰ ਤਾਂ ਸੌਂਪ ਦਿੱਤੀ ਪਰ ਅੱਜ ਉਸ ਵੇਲੇ ਨੂੰ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣ ਲਈ ਪਾਰਟੀ ਵਰਕਰ ਦਿਨ-ਰਾਤ ਸਖਤ ਮਿਹਨਤ ਕਰ ਰਹੇ ਹਨ ਤੇ ਪੰਜਾਬ ਵਾਸੀਆਂ ਵੱਲੋਂ ਵੀ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪਾਕਿਸਤਾਨ ਸਥਿਤ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ 'ਚ ਅਹਿਮ ਰੋਲ ਨਿਭਾਉਣ ਵਾਲੀ ਮੋਦੀ ਸਰਕਾਰ ਨੂੰ ਪੰਜਾਬ ਵਾਸੀ ਫਿਰ ਤੋਂ ਕੇਂਦਰ ਦੀ ਸੱਤਾ 'ਤੇ ਬਿਰਾਜਮਾਨ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ।


shivani attri

Content Editor

Related News