ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ 1500 ਬੱਸਾਂ ਦੀ ਮੁਫਤ ਸੇਵਾ ਸ਼ੁਰੂ
Sunday, Nov 03, 2019 - 09:21 PM (IST)
ਚੰਡੀਗੜ੍ਹ, (ਰਮਨਜੀਤ)— ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਅੱਜ ਇਥੇ ਇਸ ਸਬੰਧੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਚੰਨੀ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈ. ਅਮਰਿੰਦਰ ਦੀ ਪਹਿਲਕਦਮੀ 'ਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ, ਪੰਜਾਬ ਵਲੋਂ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਇਸ ਫੈਸਲੇ ਤਹਿਤ 5 ਨਵੰਬਰ ਤੋਂ 12 ਨਵੰਬਰ ਤੱਕ ਹਰ ਰੋਜ਼ 1500 ਬੱਸਾਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਕਿਥੋਂ ਕਿਹੜੀਆਂ ਬੱਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ.ਡੀ.ਐੱਮਜ਼ ਨੂੰ ਭੇਜ ਦਿੱਤਾ ਗਿਆ ਹੈ। ਸੂਬੇ ਭਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੁਸਾਰ ਬੱਸਾਂ ਅਲਾਟ ਕੀਤੀਆਂ ਗਈਆਂ ਹਨ। ਚੰਨੀ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਇਕ ਟੋਲ ਫ੍ਰੀ ਹੈਲਪਲਾਈਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ। 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 1800-180-0550 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਨੰਬਰ 24 ਘੰਟੇ ਚਾਲੂ ਹੈ। ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਮਾਲਵਿੰਦਰ ਸਿੰਘ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।