ਬੱਧਨੀ ਕਲਾਂ ਦੇ ਸਵੀਮਿੰਗ ਪੂਲ ’ਚ ਡੁੱਬਣ ਨਾਲ 17 ਸਾਲਾ ਮੁੰਡੇ ਦੀ ਮੌਤ, ਇਲਾਕੇ ''ਚ ਸੋਗ

Thursday, May 28, 2026 - 07:53 PM (IST)

ਬੱਧਨੀ ਕਲਾਂ ਦੇ ਸਵੀਮਿੰਗ ਪੂਲ ’ਚ ਡੁੱਬਣ ਨਾਲ 17 ਸਾਲਾ ਮੁੰਡੇ ਦੀ ਮੌਤ, ਇਲਾਕੇ ''ਚ ਸੋਗ

ਬੱਧਨੀ ਕਲਾਂ (ਮੋਗਾ) (ਕਸ਼ਿਸ਼) : ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਨਿੱਜੀ ਸਵੀਮਿੰਗ ਪੂਲ ਵਿੱਚ ਨਹਾਉਣ ਗਏ 17 ਸਾਲਾ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਮਹਿੰਦਰ ਸਿੰਘ ਵਾਸੀ ਬੱਧਨੀ ਕਲਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਇੱਕ ਪ੍ਰਾਈਵੇਟ ਦੁਕਾਨ ’ਤੇ ਕੰਮ ਕਰਦਾ ਸੀ। ਅੱਜ ਵੱਧ ਰਹੀ ਗਰਮੀ ਤੋਂ ਰਾਹਤ ਪਾਉਣ ਲਈ ਉਹ ਆਪਣੇ ਕੁਝ ਦੋਸਤਾਂ ਨਾਲ ਬੱਧਨੀ ਕਲਾਂ ਸਥਿਤ ਡੀ-7 ਸਵੀਮਿੰਗ ਪੂਲ ਵਿੱਚ ਨਹਾਉਣ ਲਈ ਗਿਆ ਸੀ। ਨਹਾਉਂਦੇ ਸਮੇਂ ਉਹ ਅਚਾਨਕ ਪੂਲ ਦੇ ਗਹਿਰੇ ਹਿੱਸੇ ਵੱਲ ਚਲਾ ਗਿਆ ਤੇ ਪਾਣੀ ਵਿੱਚ ਡੁੱਬ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਮੌਕੇ ’ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਸਵੀਮਿੰਗ ਪੂਲ ਦੀ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਹੈ। ਸੀਸੀਟੀਵੀ ਫੁਟੇਜ ਵਿੱਚ ਨੌਜਵਾਨ ਨੂੰ ਪੂਲ ਦੇ ਗਹਿਰੇ ਪਾਣੀ ਵਿੱਚ ਜਾਂਦੇ ਅਤੇ ਡੁੱਬਦੇ ਹੋਏ ਸਾਫ਼ ਵੇਖਿਆ ਜਾ ਸਕਦਾ ਹੈ।

ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਪ੍ਰਸ਼ਾਸਨ ਨੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਗਰਮੀ ਦੇ ਮੌਸਮ ਵਿੱਚ ਆਪਣੇ ਬੱਚਿਆਂ ਨੂੰ ਸਵੀਮਿੰਗ ਪੂਲਾਂ ’ਚ ਇਕੱਲਿਆਂ ਨਾ ਭੇਜਣ ਅਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News