274 ਗ੍ਰਾਮ ਹੈਰੋਇਨ ਸਣੇ 2 ਸਮੱਗਲਰ ਕੀਤੇ ਕਾਬੂ

04/20/2021 5:56:13 PM

ਫਿਰੋਜ਼ਪੁਰ (ਕੁਮਾਰ, ਮਲਹੋਤਰਾ)–ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਇੰਚਾਰਜ ਪਰਮਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਇਕ ਕਥਿਤ ਸਮੱਗਲਰ ਨੂੰ 270 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਸੈੱਲ ਦੀ ਪੁਲਸ ਜਦੋਂ ਪਿੰਡ ਮਧਰੇ ਕੋਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਰਾਜ ਕੁਮਾਰ ਉਰਫ ਰਾਜਾ ਵਾਸੀ ਮੱਛੀ ਮੰਡੀ ਸਿਟੀ ਫਿਰੋਜ਼ਪੁਰ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਉਹ ਪਾਕਿਸਤਾਨੀ ਸਮੱਗਲਰਾਂ ਤੋਂ ਭਾਰਤੀ ਸਰਹੱਦ ’ਚ ਹੈਰੋਇਨ ਦੀ ਖੇਪ ਮੰਗਵਾਉਂਦਾ ਹੈ ਤੇ ਅੱਗੇ ਵੇਚਦਾ ਹੈ ਅਤੇ ਇਸ ਸਮੇਂ ਉਹ ਸ਼ਮਸ਼ਾਨਘਾਟ ਰੇਲਵੇ ਫਾਟਕ ਹੁਸੈਨੀਵਾਲਾ ਕੋਲ ਖੜ੍ਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਇੰਸਪੈਕਟਰ ਪਰਮਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਦੱਸੀ ਗਈ ਜਗ੍ਹਾ ’ਤੇ ਰੇਡ ਕਰਦਿਆਂ ਉਸ ਨੂੰ ਕਾਬੂ ਕੀਤਾ ਤਾਂ ਤਲਾਸ਼ੀ ਲੈਣ ’ਤੇ ਉਸ  ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ’ਚ ਤਕਰੀਬਨ 1 ਕਰੋੜ 35 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖ਼ਿਲਾਫ਼ ਥਾਣਾ ਸਦਰ ’ਚ ਮੁਕੱਦਮਾ ਦਰਜ ਕਰਦਿਆਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਥਿਤ ਸਮੱਗਲਰ ਨੂੰ ਅੱਜ ਅਦਾਲਤ ’ਚ ਪੇਸ਼ ਕਰ ਕੇ ਉਸ ਦਾ ਪੁਲਸ ਰਿਮਾਂਡ ਲਿਆ ਜਾਵੇਗਾ ਤੇ ਪਤਾ ਲਾਇਆ ਜਾਵੇਗਾ ਕਿ ਉਹ ਕਿਹੜੇ ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਮੰਗਵਾਉਂਦਾ ਸੀ ਤੇ ਅੱਗੇ ਕਿੱਥੇ-ਕਿੱਥੇ ਸਪਲਾਈ ਕਰਦਾ ਸੀ। ਦੂਜੇ ਪਾਸੇ ਪਿੰਡ ਧੀਰਾ ਪੱਤਰਾ ਦੇ ਏਰੀਆ ’ਚ ਸਬ-ਇੰਸਪੈਕਟਰ ਜੁਗਰਾਜ ਸਿੰਘ ਤੇ ਏ. ਐੱਸ. ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਥਾਣਾ ਮਮਦੋਟ ਦੀ ਪੁਲਸ ਨੇ ਸੰਦੀਪ ਕੁਮਾਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਵੱਲੋਂ ਫੜੇ ਗਏ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।


Manoj

Content Editor

Related News