50 ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ, ਹਲਕਾ ਇੰਚਾਰਜ ਇਕਬਾਲ ਸਿੰਘ ਨੇ ਪਾਰਟੀ ਕਰਵਾਈ ਜੁਆਇਨ
Tuesday, May 05, 2026 - 08:42 PM (IST)
ਜੈਤੋ, (ਰਘੂਨੰਦਨ ਪਰਾਸ਼ਰ)- ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਮਹਿਲਾ ਵਿੰਗ ਵੱਲੋਂ ਪੂਜਾਂ ਵਾਲਾ ਮੁਹੱਲਾ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਇਲਾਕੇ ਦੇ 50 ਪਰਿਵਾਰ ਅਲੱਗ-ਅਲੱਗ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਮਹਿਲਾ ਵਿੰਗ ਦੀ ਆਗੂ ਹਰਮਨ ਸ਼ਰਮਾ ਦੀ ਅਗਵਾਈ ਵਿੱਚ ਹੋਏ ਇਸ ਇਕੱਠ ਵਿੱਚ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਅਤੇ ਉਹਨਾਂ ਨੇ ਇਹਨਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਅਨੇਕ ਗਰੰਟੀਆਂ ਦਿੱਤੀਆਂ ਗਈਆਂ ਸਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕੀਤਾ ਸੀ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਇੱਕ ਵੀ ਗਰੰਟੀ ਪੂਰੀ ਨਹੀਂ ਕੀਤੀ। ਬਲਕਿ ਪੰਜਾਬ ਨੂੰ ਬਦਹਾਲ ਪੰਜਾਬ ਬਣਾ ਕੇ ਰੱਖ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕੇਵਲ ਅਕਾਲੀ ਦਲ ਦੀ ਸਰਕਾਰ ਹੀ ਦੂਰ ਅੰਦੇਸ਼ੀ ਨਾਲ ਕੰਮ ਕਰਦੀ ਹੈ। ਇਸ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਜਾਂਦੇ ਹਨ। ਪੰਜਾਬ ਦੀ ਤਰੱਕੀ ਅਤੇ ਵਿਕਾਸ ਕੇਵਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੀ ਹੋ ਸਕਦਾ ਹੈ। ਕਿਉਂਕਿ ਉਹ ਪੰਜਾਬ ਦੇ ਲੋਕਾਂ ਦਾ ਦਰਦ ਸਮਝਦੇ ਹਨ। ਸ਼੍ਰੋਮਣੀ ਅਕਾਲੀ ਦਲ ਸਮੁੱਚੇ ਪੰਜਾਬੀਆਂ ਦੀ ਪਾਰਟੀ ਹੈ। ਲੋਕਾਂ ਦੇ ਹਰ ਤਰ੍ਹਾਂ ਦੇ ਮਸਲੇ ਅਕਾਲੀ ਦਲ ਦੀ ਸਰਕਾਰ 'ਚ ਹੀ ਹੱਲ ਹੁੰਦੇ ਹਨ।
ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਹੀ ਪੰਜਾਬ ਹੁਣ ਰੰਗਲਾ ਪੰਜਾਬ ਬਣ ਸਕਦਾ ਹੈ। ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਬਬਲੀ ਢਿੱਲੋ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਹੀ ਕੀਤਾ ਹੈ। ਜਦੋਂ-ਜਦੋਂ ਵੀ ਕਾਂਗਰਸ ਸੱਤਾ ਵਿੱਚ ਆਈ ਹੈ, ਪੰਜਾਬ ਦੀ ਸ਼ਾਂਤੀ ਭੰਗ ਹੋਈ ਹੈ। ਕਾਂਗਰਸ ਦੇ ਨੇਤਾ ਆਪਣੇ ਹਿੱਤਾਂ ਲਈ ਲੜਦੇ ਹਨ ਨਾ ਕਿ ਪੰਜਾਬ ਦੇ ਲੋਕਾਂ ਲਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਬਲਵਿੰਦਰ ਕੌਰ, ਐਸਸੀ ਵਿੰਗ ਦੇ ਪ੍ਰਧਾਨ ਰੋਸ਼ਨ ਗਿਆਨਾ ਤੋਂ ਇਲਾਵਾ ਹਰਤਾਰ ਸਿੰਘ, ਹਰਮਨ ਰਿੰਕਾ, ਜਗਜੀਤ ਸਿੰਘ ਭੁੱਲਰ, ਸੁਮਿਤ ਕੁਮਾਰ ਬਿੰਟਾ, ਰਵੀ ਢੱਲਾ, ਮੋਨੂ ਸ਼ਰਮਾ ਆਦਿ ਵੀ ਮੌਜੂਦ ਸਨ।
