ਮੰਤਰੀ ਅਮਨ ਅਰੋੜਾ ਨੇ ਸੁਨਾਮ ''ਚ ਨਵੇਂ ਵਰ੍ਹੇ ਦੀ ਕੀਤੀ ਸ਼ਾਨਦਾਰ ਸ਼ੁਰੂਆਤ, ਵਿਕਾਸ ਕਾਰਜਾਂ ''ਤੇ ਖ਼ਰਚੇ ਜਾਣਗੇ 70 ਕਰੋੜ

01/02/2023 2:22:05 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਨਵੇਂ ਵਰ੍ਹੇ ਮੌਕੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ 70 ਕਰੋੜ ਰੁਪਏ ਤੋਂ ਵੱਧ ਰਾਸ਼ੀ ਨਾਲ ਮੁਕੰਮਲ ਹੋਣ ਵਾਲੇ ਵੱਖ-ਵੱਖ ਮਹੱਤਵਪੂਰਨ ਵਿਕਾਸ ਕਾਰਜਾਂ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਸੁਨਾਮ ਦੇ ਵਾਸੀਆਂ ਨੂੰ ਪੰਜਾਬ ਸਰਕਾਰ ਦੇ ਵੱਲੋਂ ਸ਼ਾਨਦਾਰ ਤੋਹਫ਼ਾ ਦਿੱਤਾ। ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਬਾਜ਼ਾਰ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਆਵਾਜਾਈ ਵਿਵਸਥਾ ਵੀ ਸੁਚਾਰੂ ਹੋਵੇਗੀ ਅਤੇ ਲੋਕਾਂ ਲਈ ਵੀ ਇੱਕੋ ਪਲੇਟਫਾਰਮ ਤੋਂ ਲੋੜ ਅਨੁਸਾਰ ਖ਼ਰੀਦਦਾਰੀ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਰੇਹੜੀਆਂ ਵਾਲਿਆਂ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ- ਸੰਗਰੂਰ ਮੈਡੀਕਲ ਕਾਲਜ ਨੂੰ ਲੈ ਕੇ ਬਾਦਲ ਤੇ ਢੀਂਡਸਾ ਪਰਿਵਾਰ 'ਤੇ ਵਰ੍ਹੇ CM ਮਾਨ, ਲਾਏ ਵੱਡੇ ਇਲਜ਼ਾਮ

ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਰੋਜ਼ ਗਾਰਡਨ ਵਿਖੇ ਲਗਭਗ 61 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੁਦਰਤੀ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਪੱਧਰ 'ਤੇ ਸਾਰਥਕ ਯਤਨਾਂ ਦੀ ਲੋੜ ਹੈ ਅਤੇ ਸ਼ਹਿਰ ਵਿੱਚ ਨੇਚਰ ਪਾਰਕ ਬਣਨ ਨਾਲ ਹਰ ਉਮਰ ਵਰਗ ਦੇ ਨਾਗਰਿਕ ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਦੇ ਸਮਰੱਥ ਬਣਨਗੇ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨਾਮ ਵਾਸੀਆਂ ਨੂੰ ਤੋਹਫ਼ੇ ਵਜੋਂ 68 ਕਰੋੜ ਰੁਪਏ ਦਾ ਫੰਡ ਦਿੱਤਾ ਹੈ, ਜਿਸ ਨਾਲ 400 ਕਿਲੋਮੀਟਰ ਲੰਮੀ ਅੰਡਰ ਗਰਾਊਂਡ ਪਾਈਪ ਲਾਈਨ ਵਿਛਾ ਕੇ 47 ਪਿੰਡਾਂ ਦੀ ਲਗਭਗ 63000 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਲੱਗ ਸਕੇਗਾ। ਇਸ ਤੋਂ ਇਲਾਵਾ ਇਸ ਵਿੱਚੋਂ ਮਹਿਜ਼ 10 ਫ਼ੀਸਦੀ ਰਾਸ਼ੀ ਕਿਸਾਨਾਂ ਵੱਲੋਂ ਪਾਈ ਜਾਵੇਗੀ ਜਦਕਿ 90 ਫ਼ੀਸਦੀ ਹਿੱਸਾ ਸਰਕਾਰ ਵੱਲੋਂ ਪਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ ਦਾ ਐਲਾਨ

ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿੱਚ ਕਰੀਬ 36 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਦਿਆਂ ਲੋਕਾਂ ਨੂੰ ਨਵੇਂ ਸਾਲ ਮੌਕੇ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਾਸੀਆਂ ਦਾ ਦੁਖਾਂਤ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਵੋਤਮ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜੀਹੀ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਮੰਤਰੀ ਨੇ ਲੌਂਗੋਵਾਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਪੰਚਾਇਤ ਦੇ ਅਧਿਕਾਰੀਆਂ ਨੂੰ ਅਤਿ ਆਧੁਨਿਕ ਮਸ਼ੀਨਰੀ ਖ਼ਰੀਦਣ ਲਈ ਸਰਕਾਰ ਵੱਲੋਂ ਜਾਰੀ 15.66 ਲੱਖ ਰੁਪਏ ਦੀ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਾਫ਼-ਸਫ਼ਾਈ ਵਿਵਸਥਾ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਪਿੰਡ ਸਾਹੋਕੇ ਵਿਖੇ 9.65 ਲੱਖ ਰੁਪਏ ਨਾਲ ਬਣਨ ਵਾਲੀ ਨਵੀਂ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਨਾਗਰਿਕ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਸਰਗਰਮ ਹੈ ਅਤੇ ਛੇਤੀ ਹੀ ਇਸਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 
 


Simran Bhutto

Content Editor

Related News