ਸੰਗਰੂਰ ਜ਼ਿਲ੍ਹੇ ’ਚ ਤਿਆਰ ਕੀਤੇ ਜਾਣਗੇ 8 ‘ਸਕੂਲਜ਼ ਆਫ਼ ਐਮੀਨੈਂਸ : DC ਜਤਿੰਦਰ
Saturday, Mar 04, 2023 - 06:32 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਦੇਸ਼ ਭਰ ’ਚੋਂ ਰੋਲ ਮਾਡਲ ਬਣਾਉਣ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ‘ਚ 8 ‘ਸਕੂਲਜ਼ ਆਫ਼ ਐਮੀਨੈਂਸ’ ਤਿਆਰ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸ. ਸ. ਸ. ਸ.) ਲੜਕੇ ਸੰਗਰੂਰ, ਸ. ਸ. ਸ. ਸ. ਲੜਕੇ ਸੁਨਾਮ, ਸ. ਸ. ਸ. ਸ. ਛਾਜਲੀ, ਸ. ਸ. ਸ. ਸ ਦਿੜ੍ਹਬਾ, ਸ. ਸ. ਸ. ਸ. ਲੌਂਗੋਵਾਲ, ਸ. ਸ. ਸ. ਸ. ਭਸੌੜ, ਸ. ਸ. ਸ. ਸ. ਘਨੌਰੀ ਕਲਾਂ ਅਤੇ ਸ. ਸ. ਸ. ਸ. ਲੜਕੇ ਲਹਿਰਾ ਨੂੰ ‘ਸਕੂਲਜ਼ ਆਫ਼ ਐਮੀਨੈਂਸ’ ਵਜੋਂ ਚੁਣਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਰੋਕਿਆ, NIA ਟੀਮ ਵੱਲੋਂ ਪੁੱਛਗਿੱਛ
ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਵਰ੍ਹੇ ਲਈ 1 ਅਪ੍ਰੈਲ ਤੋਂ ਇਨ੍ਹਾਂ ਸਕੂਲਾਂ ‘ਚ 9ਵੀਂ ਅਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੜ੍ਹਾਈ ਸ਼ੁਰੂ ਕਰਵਾਈ ਜਾਵੇਗੀ। ਡੀ. ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ’ਚ ਦਾਖ਼ਲਾ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਆਨਲਾਈਨ ਪੋਰਟਲ, www.ePunjabschools.gov.in/school-eminence/, ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਪੇ ਇਸ ਪੋਰਟਲ ’ਤੇ 10 ਮਾਰਚ ਤੱਕ ਬਿਨੈ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ‘ਸਕੂਲਜ਼ ਆਫ਼ ਐਮੀਨੈਂਸ’ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ
ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐਸ.), ਆਈ.ਆਈ.ਟੀ., ਐਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਸਕੂਲਜ਼ ਆਫ਼ ਐਮੀਨੈਂਸ’ ਦੇ ਹੋਂਦ ‘ਚ ਆਉਣ ਨਾਲ ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਇਹ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਗਰੂਰ ਸੰਜੀਵ ਸ਼ਰਮਾ ਨੇ ਕਿਹਾ ਕਿ ‘ਸਕੂਲਜ਼ ਆਫ਼ ਐਮੀਨੈਂਸ’ ਲਈ ਮਾਪਿਆ ਤੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋੰ ਦਾਖਲਿਆਂ ਪ੍ਰਤੀ ਜਾਗਰੂਕਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਜੀ-20 ਸੰਮੇਲਨ ਤੇ ਹੋਲਾ ਮਹੱਲਾ ਦੇ ਮੱਦੇਨਜ਼ਰ ਕੇਂਦਰ ਨੇ ਪੰਜਾਬ ’ਚ ਭੇਜੀਆਂ ਕੇਂਦਰੀ ਸੁਰੱਖਿਆ ਬਲਾਂ ਦੀਆਂ 50 ਕੰਪਨੀਆਂ