ਮਹਿਲ ਕਲਾਂ ''ਚ 80ਵਾਂ ਆਜ਼ਾਦੀ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ

Saturday, Aug 15, 2026 - 06:17 PM (IST)

ਮਹਿਲ ਕਲਾਂ ''ਚ 80ਵਾਂ ਆਜ਼ਾਦੀ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ

ਮਹਿਲ ਕਲਾਂ (ਹਮੀਦੀ)- ਸਬ-ਡਵੀਜ਼ਨ ਮਹਿਲ ਕਲਾਂ ਦੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ 15 ਅਗਸਤ ਦਾ 80ਵਾਂ ਆਜ਼ਾਦੀ ਦਿਹਾੜਾ ਅਨਾਜ ਮੰਡੀ ਮਹਿਲ ਕਲਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੂਰੇ ਜੋਸ਼ੋ-ਖਰੋਸ਼, ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਦਕਿ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

 ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਲੱਖਾਂ ਦੇਸ਼ਭਗਤਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਦੇਸ਼ ਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਸਾਡਾ ਫਰਜ਼ ਹੈ। 

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਉਨ੍ਹਾਂ ਪਰਿਵਾਰਾਂ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ।ਵਿਧਾਇਕ ਪੰਡੋਰੀ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸਹੂਲਤਾਂ ਅਤੇ ਲੋਕ-ਪੱਖੀ ਪ੍ਰਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

 ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਕੇਂਦਰਾਂ ਵਜੋਂ ਵਿਕਸਤ ਕਰਨ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੇ ਮਾਣ-ਸਨਮਾਨ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਇਨ੍ਹਾਂ ਪਰਿਵਾਰਾਂ ਦੀਆਂ ਸਹੂਲਤਾਂ ਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਹੈ।

ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦ ਦੇਸ਼ ਵਿੱਚ ਰਹਿਣ ਦਾ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰਾਖੀ ਕਰਨਾ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮਾਗਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਡੀ.ਐਸ.ਪੀ. ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਦਿਆਂ ਨੌਜਵਾਨਾਂ ਨੂੰ ਦੇਸ਼ਭਗਤੀ ਦੀ ਭਾਵਨਾ ਨਾਲ ਅੱਗੇ ਵਧਣ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਦੇਸ਼ ਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਵੱਲੋਂ ਕੋਰੀਓਗ੍ਰਾਫੀਆਂ, ਗਿੱਧਾ, ਭੰਗੜਾ, ਬੋਲੀਆਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਮਾਗਮ ਵਿੱਚ ਖੂਬ ਰੰਗ ਬੰਨ੍ਹਿਆ ਗਿਆ। ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ, ਦੇਸ਼ਭਗਤੀ, ਪੰਜਾਬੀ ਵਿਰਸੇ ਅਤੇ ਸਮਾਜਿਕ ਸਰੋਕਾਰਾਂ ਨਾਲ ਸਬੰਧਤ ਵੱਖ-ਵੱਖ ਝਲਕੀਆਂ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆਂ, ਜਿਨ੍ਹਾਂ ਨੂੰ ਹਾਜ਼ਰੀਨ ਵੱਲੋਂ ਤਾੜੀਆਂ ਦੀ ਗੂੰਜ ਨਾਲ ਭਰਵਾਂ ਹੁੰਗਾਰਾ ਦਿੱਤਾ ਗਿਆ।ਇਸ ਮੌਕੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਮਾਣਯੋਗ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। 

ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣਾ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ।ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਸਰਪੰਚ ਕਿਰਨਾ ਰਾਣੀ, ਅਰੁਣ ਕੁਮਾਰ ਬਾਸਲ ਅਤੇ ਸਰਪੰਚ ਜਤਿੰਦਰ ਪਾਲ ਸਿੰਘ ਪੰਡੋਰੀ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਅਤੇ ਪਤਵੰਤੇ ਸੱਜਣ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 


author

Shivani Bassan

Content Editor

Related News