ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਬੱਸਾਂ, ਇਸ ਮਹੀਨੇ ਆਵੇਗੀ 250 ਬੱਸਾਂ ਦੀ ਪਹਿਲੀ ਖੇਪ : ਰਾਜਾ ਵੜਿੰਗ

Tuesday, Oct 05, 2021 - 10:48 PM (IST)

ਪੰਜਾਬ ਦੇ ਬੇੜੇ ’ਚ ਸ਼ਾਮਲ ਹੋਣਗੀਆਂ 842 ਬੱਸਾਂ, ਇਸ ਮਹੀਨੇ ਆਵੇਗੀ 250 ਬੱਸਾਂ ਦੀ ਪਹਿਲੀ ਖੇਪ : ਰਾਜਾ ਵੜਿੰਗ

ਚੰਡੀਗੜ੍ਹ(ਰਮਨਜੀਤ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਦੱਸਿਆ ਕਿ ਜਨਤਕ ਬੱਸ ਸੇਵਾ ਨੂੰ ਹੋਰ ਮਜ਼ਬੂਤ ਕਰਦਿਆਂ ਸਰਕਾਰੀ ਬੱਸਾਂ ਦੇ ਬੇੜੇ ਵਿਚ 842 ਹੋਰ ਬੱਸਾਂ ਛੇਤੀ ਸ਼ਾਮਲ ਕੀਤੀਆਂ ਜਾਣਗੀਆਂ।

ਟਰਾਂਸਪੋਰਟ ਵਿਭਾਗ ਦੇ ਸਮੂਹ ਆਰ. ਟੀ. ਏ. ਸਕੱਤਰਾਂ ਅਤੇ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਦੱਸਿਆ ਕਿ 842 ਬੱਸਾਂ ਪਾਉਣ ਸਬੰਧੀ ਟੈਂਡਰ ਲੱਗ ਚੁੱਕਾ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਤੇ ਬੱਸਾਂ ਮੁਹੱਈਆ ਕਰਾਉਣ ਵਾਲੀਆਂ ਕੰਪਨੀਆਂ ਨੂੰ ਅਗਲੇਰੀ ਕਾਰਵਾਈ ਛੇਤੀ ਤੋਂ ਛੇਤੀ ਅਮਲ ਵਿਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਅਕਤੂਬਰ ਮਹੀਨੇ ਦੇ ਅਖ਼ੀਰ ਤੱਕ 250 ਬੱਸਾਂ ਦੀ ਪਹਿਲੀ ਖੇਪ ਸੂਬੇ ’ਚ ਆ ਜਾਵੇਗੀ ਜਦਕਿ ਨਵੰਬਰ ਦੇ ਅਖੀਰ ਤੱਕ 592 ਬੱਸਾਂ ਮਿਲ ਜਾਣਗੀਆਂ, ਜੋ ਅਗਲੇ ਡੇਢ ਮਹੀਨੇ ਦੌਰਾਨ ਸੂਬੇ ਦੀਆਂ ਸੜਕਾਂ ਦਾ ਸ਼ਿੰਗਾਰ ਬਣਨਗੀਆਂ।

ਇਹ ਵੀ ਪੜ੍ਹੋ- ਸ਼ਰਾਬ ਦੇ ਠੇਕੇ 'ਤੇ ਪੈਟਰੋਲ ਬੰਬਾਂ ਨਾਲ ਹਮਲਾ, ਭੰਨ-ਤੋੜ ਕਰ ਗੱਡੀ ਨੂੰ ਵੀ ਲਗਾਈ ਅੱਗ
ਪਿਛਲੇ ਦਿਨੀਂ ਵਿੱਢੀ ਬੱਸ ਅੱਡਿਆਂ ਦੀ ਸਫ਼ਾਈ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਨਿਰਦੇਸ਼ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਬੱਸ ਸਟੈਂਡਾਂ ’ਚ ਹਰ ਪੰਦਰਵਾੜੇ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਦੇ ਦੌਰੇ ਮੌਕੇ ਸਫ਼ਾਈ ਠੇਕੇਦਾਰਾਂ ਵਲੋਂ ਕੁਤਾਹੀ ਵਰਤਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ, ਇਸ ਲਈ ਡਿਪੂਆਂ ਦੇ ਜਨਰਲ ਮੈਨੇਜਰ ਸਫ਼ਾਈ ਸਬੰਧੀ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰਨ ਅਤੇ ਦੁਬਾਰਾ ਕੁਤਾਹੀ ਵਰਤਣ ’ਤੇ ਜੁਰਮਾਨੇ ਦੀ ਵਿਵਸਥਾ ਕਰਨ ਤਾਂ ਜੋ ਬੱਸ ਅੱਡਿਆਂ ਦੀ ਸਫ਼ਾਈ ਹਰ ਹਾਲ ਵਿਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਤੋਂ ਬਾਹਰਲੇ ਖੇਤਰ ’ਚ ਵੀ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਕਾਰਵਾਈ ਅਰੰਭੀ ਜਾਵੇ।

ਉਨ੍ਹਾਂ ਜਨਰਲ ਮੈਨੇਜਰਾਂ ਨੂੰ ਬੱਸਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਜਿੱਥੇ ਰੋਜ਼ਾਨਾ ਘੱਟੋ-ਘੱਟ ਪੰਜ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਆਉਂਦੇ ਸ਼ੁੱਕਰਵਾਰ ਤੱਕ ਸਰਕਾਰੀ ਬੱਸਾਂ ਤੋਂ ਤੰਬਾਕੂ ਉਤਪਾਦਾਂ ਅਤੇ ਹੋਰਨਾਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਸਾਰੇ ਇਸ਼ਤਿਹਾਰ ਉਤਾਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਉਹ ਕਿਸੇ ਗ਼ੈਰਕਾਨੂੰਨੀ ਢੰਗ ਨਾਲ ਚਲ ਰਹੀ ਬੱਸ ਨੂੰ ਫੜ੍ਹਨ ਤਾਂ ਉਸ ਦੀ ਮੁਕੰਮਲ ਵੀਡੀਓਗ੍ਰਾਫ਼ੀ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਮੰਤਰੀ ਨੇ ਕਿਸੇ ਵੀ ਕਿਸਮ ਦੀ ਸ਼ਿਕਾਇਤ ਅਤੇ ਸੁਝਾਅ ਦੇਣ ਲਈ ਆਪਣਾ ਨਿੱਜੀ ਵਟਸਐਪ ਨੰਬਰ 94784-54701 ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਕਿਤੇ ਵੀ ਸਰਕਾਰੀ ਬੱਸਾਂ ਵਿਚ ਊਣਤਾਈ ਵੇਖਣ ਤਾਂ ਤੁਰੰਤ ਉਸ ਦੀ ਸੂਚਨਾ ਜਾਂ ਤਸਵੀਰ ਇਸ ਵੱਟਸਐਪ ਨੰਬਰ ’ਤੇ ਸਾਂਝੀ ਕਰਨ।

ਇਹ ਵੀ ਪੜ੍ਹੋ- DSGMC ਅਤੇ ਹੋਰ ਸਿੱਖ ਸੰਸਥਾਵਾਂ ਦੇ ਕਾਨੂੰਨੀ ਗਠਨ ਨੂੰ ਬਣਾਵਾਂਗੇ ਯਕੀਨੀ : ਸੁਖਬੀਰ ਬਾਦਲ

ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਬੱਸ ਪਾਸ ਸਕੀਮ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਵੜਿੰਗ ਨੇ ਕਿਹਾ ਕਿ ਜਦ ਪ੍ਰਾਈਵੇਟ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਸਕੀਮਾਂ ਆਦਿ ਦਾ ਲਾਭ ਦਿੱਤਾ ਜਾ ਸਕਦਾ ਹੈ ਤਾਂ ਇਨ੍ਹਾਂ ਲਈ ਬੱਸ ਪਾਸ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇ।

ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਮੁੜ ਦੁਹਰਾਇਆ ਕਿ ਵਿਭਾਗ ਵਿਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਕੰਡਕਟਰ ਤੋਂ ਲੈ ਕੇ ਉੱਚ ਅਧਿਕਾਰੀ ਤੱਕ ਆਪਣੀ ਡਿਊਟੀ ਬਿਨਾਂ ਕਿਸੇ ਡਰ ਭੈਅ ਤੋਂ ਨਿਭਾਉਣ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਰਾਏ, ਐੱਮ.ਡੀ. ਪੀ.ਆਰ.ਟੀ.ਸੀ. ਡਾ. ਭੁਪਿੰਦਰ ਪਾਲ ਸਿੰਘ ਸਮੇਤ ਵਿਭਾਗ ਦੇ ਸਮੂਹ ਸਕੱਤਰ ਆਰ.ਟੀ.ਏ, ਜੀ.ਐੱਮ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।


author

Bharat Thapa

Content Editor

Related News