ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

Tuesday, Apr 28, 2026 - 10:41 PM (IST)

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਜੈਤੋ, (ਰਘੂਨੰਦਨ ਪਰਾਸ਼ਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਬੰਗਲੌਰ ਤੇ ਕਰਨਾਟਕਾ ਸਿੱਖ ਵੈਲਫੇਅਰ ਸੁਸਾਇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਜਥਾ ਸ. ਜਰਨੈਲ ਸਿੰਘ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-ਆਇਆਂ ਕਿਹਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਹੈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰੇ ਸਿੱਖ ਕੌਮ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਉਨ੍ਹਾਂ ਦੀਆਂ ਸਕੂਲ ਫੀਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਹਿਤ 100 ਸ਼ਰਧਾਲੂਆਂ ਦਾ ਜਥਾ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬਧ ਹੈ ਅਤੇ ਇਸ ਦਿਸ਼ਾ ਵਿਚ ਨਿਰੰਤਰ ਕਾਰਜ ਕੀਤੇ ਜਾਣਗੇ।

ਜਥੇ ਦੇ ਆਗੂ ਸ. ਜਰਨੈਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਮਾਣ-ਸਨਮਾਣ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਅਵਤਾਰ ਸਿੰਘ ਵਣਵਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਕਰਨਾਟਕਾ ਤੋਂ ਪੁੱਜੇ ਪ੍ਰਧਾਨ ਸ. ਜਰਨੈਲ ਸਿੰਘ, ਮੀਤ ਪ੍ਰਧਾਨ ਸ. ਜੋਗਿੰਦਰ ਸਿੰਘ, ਜਰਨਲ ਸਕੱਤਰ ਸ. ਜਸਪਾਲ ਸਿੰਘ, ਸਕੱਤਰ ਸ. ਤੇਜਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।


author

Rakesh

Content Editor

Related News