ਸੜਕ ਹਾਦਸੇ ''ਚ ਵਿਅਕਤੀ ਦੀ ਮੌਤ

08/23/2019 8:05:12 PM

ਰਾਮਪੁਰਾ ਫੂਲ (ਤਰਸੇਮ)-ਬੀਤੀ ਦੇਰ ਸ਼ਾਮ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ 7.30 ਵਜੇ ਟਿੰਕੂ ਪ੍ਰਸ਼ਾਦ ਪੁੱਤਰ ਸੁਖਦੇਵ ਸ਼ਾਹ (57) ਵਾਸੀ ਰਾਮਪੁਰਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌੜ ਰੋਡ 'ਤੇ ਸਥਿਤ ਆਪਣੀ ਕਬਾੜ ਦੀ ਦੁਕਾਨ 'ਤੇ ਜਾ ਰਿਹਾ ਸੀ। ਜਦ ਉਹ ਮੌੜ ਚੌਕ ਤੋਂ ਮੁੜਨ ਲੱਗਾ ਤਾਂ ਉਸ ਨੂੰ ਪਿੱਛੋਂ ਆ ਰਹੇ ਵਾਹਨ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਟਿੰਕੂ ਪ੍ਰਸ਼ਾਦ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਸਹਾਰਾ ਕਲੱਬ ਦੇ ਮੈਂਬਰਾਂ ਵੱਲੋਂ ਉਕਤ ਜ਼ਖਮੀ ਨੂੰ ਇਲਾਜ ਲਈ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਜ਼ਖਮੀ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਬਠਿੰਡਾ ਵਿਖੇ ਰੈਫਰ ਕਰ ਦਿੱਤਾ। ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉੱਧਰ ਥਾਣਾ ਸਿਟੀ ਦੇ ਸਬ-ਇੰਸਪੈਕਟਰ ਗੁਰਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਆਂਦਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਅਮਿਤ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪੁਲਸ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਲਿਆ ਹੈ।


Karan Kumar

Content Editor

Related News