ਨਸ਼ਾ ਪ੍ਰਭਾਵਿਤ ਨੌਜਵਾਨਾਂ ਲਈ ਨਿਵੇਕਲੀ ਪਹਿਲ, ਮਿਲਣਗੇ ਹੁਨਰ ਵਿਕਾਸ ਤੇ ਨੌਕਰੀ ਦੇ ਮੌਕੇ
Thursday, Feb 27, 2025 - 05:42 PM (IST)

ਲੁਧਿਆਣਾ : ਸਮਾਜ 'ਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨਿਪਟਾਰੇ ਲਈ ਇੱਕ ਠੋਸ ਕਦਮ ਚੁੱਕਦਿਆਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਐੱਸਐੱਸਪੀ ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਵੱਲੋਂ ਲੁਧਿਆਣਾ 'ਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਨਜਿੱਠਣ ਲਈ ਲਈ ਇੱਕ ਬਹੁ-ਪੱਖੀ ਪਹੁੰਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਸੰਵੇਦਨਸ਼ੀਲ ਮੁੱਦੇ ਦੇ ਨਿਪਟਾਰੇ ਲਈ ਮੁੱਖ ਰਣਨੀਤੀਆਂ ਦੀ ਪਛਾਣ ਕੀਤੀ, ਜਿਸ 'ਚ ਸਖ਼ਤ ਕਾਨੂੰਨ ਲਾਗੂ ਕਰਨਾ, ਇਲਾਜ ਤੇ ਕਾਉਂਸਲਿੰਗ ਰਾਹੀਂ ਨਸ਼ੀਲੇ ਪਦਾਰਥਾਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਪੁਨਰਵਾਸ, ਰੋਜ਼ੀ-ਰੋਟੀ ਲਈ ਹੁਨਰ ਵਿਕਾਸ ਤੇ ਇੱਕ ਜਨ ਜਾਗਰੂਕਤਾ ਮੁਹਿੰਮ ਸ਼ਾਮਲ ਹੈ।
ਜ਼ਿਲ੍ਹਾ ਪੱਧਰੀ ਐੱਨਸੀਓਆਰਡੀ ਕਮੇਟੀ ਦੀ ਮੀਟਿੰਗ ਦੌਰਾਨ, ਉਨ੍ਹਾਂ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਉਦੇਸ਼ ਨਾਲ ਇੱਕ ਵਿਆਪਕ 360-ਡਿਗਰੀ ਦ੍ਰਿਸ਼ਟੀਕੋਣ ਰਣਨੀਤੀ ਨੂੰ ਲਾਗੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਜਦੋਂ ਕਿ ਨਸ਼ਿਆਂ ਦੀ ਸਪਲਾਈ ਨੂੰ ਖਤਮ ਕਰਨ ਲਈ ਯਤਨ ਕੀਤੇ ਗਏ ਹਨ, ਇਹ ਪਹਿਲ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜੰਗ 'ਚ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੇ ਖਾਤਮੇ 'ਚ ਇੱਕ ਮਹੱਤਵਪੂਰਨ ਪਹਿਲਾ ਕਦਮ ਦਰਸਾਉਂਦੀ ਹੈ।
ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਰੋਕਥਾਮ ਲਈ ਵੱਡੇ ਪੱਤਰ 'ਤੇ ਗਤੀਵਿਧੀਆਂ ਚਲਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਾਖੋਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਢੁਕਵੇਂ ਇਲਾਜ ਤੇ ਕਾਉਂਸਲਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਨ੍ਹਾਂ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਵੱਖ-ਵੱਖ ਨੌਕਰੀ ਦੇ ਮੌਕੇ ਤੇ ਹੁਨਰ ਵਧਾਉਣ ਦੀ ਪੇਸ਼ਕਸ਼ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਤਾਕਤ ਮਿਲੇਗੀ। ਇਸ ਤੋਂ ਇਲਾਵਾ, ਨਸ਼ਿਆਂ ਤੋਂ ਪਾਸਾ ਵੱਟਣ ਵਾਲੇ ਲੋਕਾਂ ਨੂੰ ਪ੍ਰੇਰਨਾਦਾਇਕ ਭਾਸ਼ਣ ਦੇਣ ਲਈ ਸੱਦਾ ਦਿੱਤਾ ਜਾਵੇਗਾ, ਆਪਣੇ ਤਜ਼ਰਬੇ ਸਾਂਝੇ ਕਰ ਕੇ ਦੂਜਿਆਂ ਨੂੰ ਨਸ਼ਾਖੋਰੀ 'ਤੇ ਕਾਬੂ ਪਾਉਣ ਤੇ ਰਾਜ ਦੇ ਸਮਾਜਿਕ-ਆਰਥਿਕ ਵਿਕਾਸ 'ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਨਸ਼ੇ ਦੀ ਦੁਰਵਰਤੋਂ ਵਿਰੁੱਧ ਇੱਕ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ 'ਚ ਸਿਵਲ ਸਮਾਜ, ਉਦਯੋਗ, ਵਿਦਿਅਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਤੇ ਹੋਰਾਂ ਨਾਲ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਦੇ ਯਤਨਾਂ ਦਾ ਸਮਰਥਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ 'ਚ ਵਿਆਪਕ ਨਸ਼ਾ ਵਿਰੋਧੀ ਭਾਵਨਾ ਨੂੰ ਵਧਾਉਣਾ ਹੈ-ਨਸ਼ਾਖੋਰੀ ਤੋਂ ਪ੍ਰਭਾਵਿਤ ਲੋਕਾਂ ਨੂੰ ਛੱਡ ਕੇ।
ਇਸ ਤੋਂ ਇਲਾਵਾ, ਆਸ਼ਾ ਅਤੇ ਆਂਗਣਵਾੜੀ ਵਰਕਰ ਪ੍ਰਭਾਵਿਤ ਵਿਅਕਤੀਆਂ ਦੇ ਪਰਿਵਾਰਾਂ ਨਾਲ ਜੁੜਨਗੀਆਂ ਤਾਂ ਜੋ ਉਨ੍ਹਾਂ ਨੂੰ ਨੇੜਲੇ ਸਿਹਤ ਸੰਸਥਾਵਾਂ 'ਚ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਨੌਜਵਾਨਾਂ, ਖਾਸ ਕਰਕੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ 'ਚ ਸ਼ਾਮਲ ਕਰਨ ਲਈ ਪੇਂਡੂ ਖੇਤਰਾਂ 'ਚ ਖੇਡ ਸਹੂਲਤਾਂ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਪਹਿਲਾਂ ਹੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਨਸ਼ਾ ਛੁਡਾਊ ਅਤੇ ਓਟ ਕੇਂਦਰ ਨਸ਼ੇ ਨੂੰ ਦੂਰ ਕਰਨ 'ਚ ਮਦਦ ਕਰਨ ਲਈ ਜ਼ਰੂਰੀ ਇਲਾਜ ਅਤੇ ਕਾਉਂਸਲਿੰਗ ਪ੍ਰਦਾਨ ਕਰਕੇ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਸਕਾਰਾਤਮਕ ਰੂਪ 'ਚ ਬਦਲ ਰਹੇ ਹਨ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8