ਧਰਮਕੋਟ ਹਲਕੇ ਤੋਂ ‘ਆਪ’ ਨੂੰ ਵੱਡਾ ਝਟਕਾ, ਸੰਜੀਵ ਕੋਛੜ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

01/21/2022 6:18:11 PM

ਧਰਮਕੋਟ (ਸਤੀਸ਼)-ਵਿਧਾਨ ਸਭਾ ਹਲਕਾ ਧਰਮਕੋਟ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਪੰਜਾਬ ਆਗੂ ਸੰਜੀਵ ਕੋਛੜ ਆਪਣੇ ਸਾਥੀਆਂ ਸਮੇਤ ਅੱਜ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਵੱਡੇ ਇਕੱਠ ’ਚ ਸੰਜੀਵ ਕੋਛੜ ਨੇ ਭਰੇ ਮਨ ਨਾਲ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਨੀਤੀਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਮ ਨਹੀਂ। ਇਹ ਪਾਰਟੀ ਆਪਣੇ ਸਿਧਾਂਤਾਂ ਤੋਂ ਥਿੜਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਸ ਮਕਸਦ ਨੂੰ ਲੈ ਕੇ ਅੰਨਾ ਹਜ਼ਾਰੇ ਦੇ ਅੰਦੋਲਨ ਦੌਰਾਨ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਸੀ, ਇਸ ਪਾਰਟੀ ਨੇ ਉਸ ਉਪਰ ਜ਼ਰਾ ਜਿੰਨਾ ਵੀ ਪਹਿਰਾ ਨਹੀਂ ਦਿੱਤਾ। ਆਮ ਆਦਮੀ ਪਾਰਟੀ ’ਚ ਪੁਰਾਣੇ ਵਰਕਰਾਂ ਦੀ ਕੋਈ ਕਦਰ ਨਹੀਂ ਸਗੋਂ ਦੂਸਰੀਆਂ ਪਾਰਟੀਆਂ ’ਚੋਂ ਆਏ ਆਗੂਆਂ ਨੂੰ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਟਿਕਟਾਂ ਦਿੱਤੀਆਂ ਗਈਆਂ ਹਨ।

‘ਆਪ’ ਨੇ ਅਜਿਹੇ ਵਿਅਕਤੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਨ੍ਹਾਂ ਦਾ ਆਮ ਆਦਮੀ ਪਾਰਟੀ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ 9 ਸਾਲਾਂ ਤੋਂ ਆਮ ਆਦਮੀ ਪਾਰਟੀ ਨੂੰ ਧਰਮਕੋਟ ਹਲਕੇ ਅੰਦਰ ਸਟੈਂਡ ਕੀਤਾ ਗਿਆ ਤੇ ਹਰ ਸਮੇਂ ਪਾਰਟੀ ਦੇ ਨਾਲ ਖੜ੍ਹੇ ਰਹੇ। ਹਰ ਚੋਣ ’ਚ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਸਾਥ ਦਿੱਤਾ ਗਿਆ ਅਤੇ ਹਰ ਇਕ ਚੋਣ ਆਪਣੀ ਅਗਵਾਈ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਲੜਾਈ ਗਈ। ਉਨ੍ਹਾਂ ਵੱਲੋਂ ਇਸ ਵਾਰ ਵੀ ਆਮ ਆਦਮੀ ਪਾਰਟੀ ਵੱਲੋਂ ਧਰਮਕੋਟ ਵਿਧਾਨ ਸਭਾ ਸੀਟ ਲਈ ਟਿਕਟ ਦੀ ਮੰਗ ਕੀਤੀ ਗਈ ਸੀ ਪਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪਿਛਲੀ ਵਾਰ ਵਾਂਗ ਇਸ ਵਾਰ ਵੀ ਦਰਕਿਨਾਰ ਕਰ ਦਿੱਤਾ ਤੇ ਉਨ੍ਹਾਂ ਦੀ ਮਿਹਨਤ ਦਾ ਕੋਈ ਮੁੱਲ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਟਿਕਟਾਂ ਮੁੱਲ ਵੇਚੀਆਂ ਗਈਆਂ, ਜਿਸ ਕਾਰਨ ਉਹ ਦੁਖੀ ਹੋ ਕੇ ਅੱਜ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਹਨ। ਇਸ ਪਾਰਟੀ ਵਿਚ ਰਹਿ ਕੇ ਲੋਕਾਂ ਦੀ ਸੇਵਾ ਕਰਨਗੇ। ਉਹ ਧਰਮਕੋਟ ਹਲਕੇ ਤੋਂ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਜਿੱਤ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਸੰਜੀਵ ਕੋਛੜ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਦਾ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ’ਚ ਇਨ੍ਹਾਂ ਨੂੰ ਪੂਰਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। 


Manoj

Content Editor

Related News