‘ਆਪ’ ਨੇ ਡੀ. ਸੀ. ਰੋਪਡ਼ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

03/21/2019 3:48:17 AM

ਚੰਡੀਗਡ਼੍ਹ, (ਭੁੱਲਰ)- ਡਿਪਟੀ ਕਮਿਸ਼ਨਰ ਰੋਪਡ਼ ਵਲੋਂ ਕਾਂਗਰਸੀ ਆਗੂਆਂ ਦੀ ਸ਼ਹਿ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨਾਲ ਮੁਲਾਕਾਤ ਕਰ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਵਫ਼ਦ ’ਚ ਸ਼ਾਮਲ ਰੋਪਡ਼ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ ਅਰੋਡ਼ਾ ਨੇ ਕਿਹਾ ਕਿ ਕਾਂਗਰਸੀ ਆਗੂ ਸੂਬੇ ਭਰ ਵਿਚ ਸਰਕਾਰੀ ਅਧਿਕਾਰੀਆਂ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ। ਸੰਦੋਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸੁਮਿਤ ਜਰਾਗਲ ਜੁਲਾਈ, 2018 ਤੋਂ ਡੀ. ਸੀ. ਰੋਪਡ਼ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਉਸ ਸਮੇਂ ਤੋਂ ਹੀ ਉਹ ਕਾਂਗਰਸੀ ਆਗੂਆਂ ਦੇ ਇਸ਼ਾਰਿਆਂ ’ਤੇ ਕੰਮ ਕਰਦਿਆਂ ਚੁਣੇ ਹੋਏ ਵਿਧਾਇਕ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ. ਸੀ. ਵਿਧਾਇਕ ਦੀ ਥਾਂ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੂੰ ਸਰਕਾਰੀ ਸਮਾਗਮਾਂ ’ਚ ਬੁਲਾ ਕੇ ਗ੍ਰਾਂਟਾਂ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਡੀ. ਸੀ. ਦੇ ਕਾਂਗਰਸੀ ਆਗੂ ਨਾਲ ਸਬੰਧ ਹਨ ਅਤੇ ਉਹ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਬੇਨਿਯਮੀਆਂ ਕਰਨਗੇ। ਮੁੱਖ ਚੋਣ ਅਧਿਕਾਰੀ ਨੇ ਕੀਤੀ ਗਈ ਸ਼ਿਕਾਇਤ ਸਬੰਧੀ ਪਡ਼ਤਾਲ ਕਰਨ ਦਾ ਭਰੋਸਾ ਦਿੱਤਾ ਹੈ। 


Bharat Thapa

Content Editor

Related News