ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਅੱਜ ਵਿਧਾਨ ਸਭਾ ਦਾ ਘਿਰਾਓ ਕਰੇਗੀ ABVP
Wednesday, Aug 05, 2026 - 09:30 AM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ. ਬੀ. ਵੀ. ਪੀ.), ਪੰਜਾਬ ਵੱਲੋਂ ਪੰਜਾਬ 'ਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਦੇ ਵਿਰੋਧ 'ਚ ਅੱਜ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਪ੍ਰੈਸ ਸੱਦੇ 'ਚ ਸੰਸਥਾ ਨੇ ਸਮੂਹ ਮੀਡੀਆ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨ ਦੀ ਕਵਰੇਜ ਕਰਨ ਲਈ ਸੱਦਾ ਦਿੱਤਾ ਹੈ।
ਏ. ਬੀ. ਵੀ. ਪੀ. ਨੇ ਕਿਹਾ ਕਿ ਵਾਰ-ਵਾਰ ਹੋ ਰਹੀਆਂ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਭਰਤੀ ਅਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸੰਸਥਾ ਦਾ ਦੋਸ਼ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਰੋਕਣ 'ਚ ਨਾਕਾਮ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ 'ਚ ਰੋਸ ਲਗਾਤਾਰ ਵੱਧ ਰਿਹਾ ਹੈ।
ਏ. ਬੀ. ਵੀ. ਪੀ. ਨੇ ਮੰਗ ਕੀਤੀ ਹੈ ਕਿ ਪੰਜਾਬ 'ਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਲਾਗੂ ਕੀਤੀ ਜਾਵੇ ਤਾਂ ਜੋ ਨੌਜਵਾਨਾਂ ਦਾ ਭਰੋਸਾ ਮੁੜ ਬਹਾਲ ਹੋ ਸਕੇ। ਇਸ ਦੇ ਨਾਲ ਹੀ ਸੰਸਥਾ ਨੇ ਪੇਪਰ ਲੀਕ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ।
ਏ. ਬੀ. ਵੀ. ਪੀ. ਅਨੁਸਾਰ ਇਹ ਵਿਧਾਨ ਸਭਾ ਘਿਰਾਓ ਅੱਜ ਦੁਪਹਿਰ 12 ਵਜੇ ਸੈਕਟਰ-25 ਸਥਿਤ ਰੈਲੀ ਗਰਾਊਂਡ ਤੋਂ ਸ਼ੁਰੂ ਹੋਵੇਗਾ, ਜਿਸ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
