ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ ਕਿਸਾਨ : ਖੁੱਡੀਆਂ
Friday, Jun 23, 2023 - 01:33 PM (IST)

ਮਾਨਸਾ (ਸੰਦੀਪ ਮਿੱਤਲ) - ਨਰਮੇ ਦੀ ਫ਼ਸਲ ’ਤੇ ਜੇਕਰ ਗੁਲਾਬੀ ਸੁੰਡੀ ਦੇ ਹਮਲੇ ਦਾ ਖਦਸ਼ਾ ਹੁੰਦਾ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੀ ਸਿਫ਼ਾਰਸ਼ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਮਾਨਖੇੜਾ ਤੇ ਖੈਰਾ ਕਲਾਂ ’ਚ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਤਰਜੀਹੀ ਆਧਾਰ ’ਤੇ ਖੇਤੀ ਨੂੰ ਪ੍ਰਫੁੱਲਿਤ ਕਰਨਾ ਹੈ। ਖੇਤੀ ਖੇਤਰ ਦੀ ਖੁਸ਼ਹਾਲੀ ਲਈ ਉਹ ਸਦਾ ਯਤਨਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖੇਤਾਂ ’ਚ ਕੀਤੇ ਨਿਰੀਖਣ ਦੌਰਾਨ ਕੀੜਿਆਂ ਦੀ ਤਾਦਾਦ ਆਰਥਿਕ ਪੱਧਰ ਤੋਂ ਹੇਠਾਂ ਹੀ ਪਾਈ ਗਈ ਹੈ। ਉਨ੍ਹਾਂ ਇਸ ਮੌਕੇ ਹਾਜ਼ਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪ ਵੀ ਖੇਤਾਂ ’ਚ ਜਾ ਕੇ ਮੌਕਾ ਵੇਖਣ। ਕਿਸਾਨਾਂ ਨੂੰ ਕਾਰਗਰ ਦਵਾਈਆਂ ਦੀ ਸਿਫਾਰਸ਼ ਕਰਨ ਅਤੇ ਡੀਲਰਾਂ ਨੂੰ ਵੀ ਚੰਗੀਆਂ ਦਵਾਈਆਂ ਹੀ ਸਪਲਾਈ ਕਰਨ ਲਈ ਕਿਹਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਹਲਕੇ ’ਚ ਲਾਗੂ ਕਰਵਾਉਣਗੇ। ਇਸ ਮੌਕੇ ਸੰਯੁਕਤ ਡਾਇਰੈਕਟਰ ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ, ਪੰਚਾਇਤ ਯੂਨੀਅਨ ਬਲਾਕ ਮਾਨਸਾ ਦੇ ਪ੍ਰਧਾਨ ਮਦਨ ਸਿੰਘ ਦੂਲੋਵਾਲ, ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ ਮੌਜੂਦ ਸਨ।