ਅਕਾਊਂਟਿੰਗ ਟੀਮਾਂ ਨੂੰ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼

01/18/2017 3:35:56 PM

ਫ਼ਿਰੋਜ਼ਪੁਰ (ਕੁਮਾਰ,ਪਰਮਜੀਤ) - ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ਸਬੰਧੀ ਚੋਣ ਪ੍ਰਕਿਰਿਆ ਨਾਲ ਜੁੜੀਆਂ ਅਕਾਊਂਟਿੰਗ ਟੀਮਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਹਾਜ਼ਰ ਸਨ।  

ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਖ਼ਰਚੇ ਦਾ ਹਿਸਾਬ-ਕਿਤਾਬ ਰੱਖਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਉੱਡਣ ਦਸਤੇ ਬਣਾ ਦਿੱਤੇ ਗਏ ਹਨ। ਉਨ੍ਹਾਂ ਨਿਗਰਾਨ ਟੀਮਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਹਰੇਕ ਵ੍ਹੀਕਲ ਦੀ ਪੂਰੀ ਤਰ੍ਹਾਂ ਵੀਡੀਓਗ੍ਰਾਫੀ ਕਰਦਿਆਂ ਚੈਕਿੰਗ ਕੀਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਚੈਕਿੰਗ ਦੌਰਾਨ ਕਿਸੇ ਵਿਅਕਤੀ ਪਾਸੋਂ 50 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਪ੍ਰਾਪਤ ਹੁੰਦੀ ਹੈ ਤਾਂ ਉਸ ਨੂੰ ਜ਼ਬਤ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਪੋਸਟਰ ਆਦਿ ਬਿਨਾਂ ਪਬਲਿਸ਼ਰ ਦੇ ਨਾਂ ਜਾਂ ਗਿਣਤੀ ਤੋਂ ਬਿਨਾਂ ਮਿਲਦੇ ਹਨ ਤਾਂ ਉਨ੍ਹਾਂ ਨੂੰ ਵੀ ਜ਼ਬਤ ਕੀਤਾ ਜਾਵੇ।
ਉਨ੍ਹਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਦੇ ਕਾਫ਼ਲੇ ''ਚ ਸਮੇਤ ਸਕੂਟਰ ਦੇ 10 ਤੋਂ ਵੱਧ ਵ੍ਹੀਕਲ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਜ਼ਬਤ ਕੀਤਾ ਜਾਵੇ। ਉਨ੍ਹਾਂ ਨਿਗਰਾਨ ਟੀਮਾਂ ਨੂੰ ਚੌਕਸ ਕਰਦਿਆਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਕਿਸੇ ਮੈਰਿਜ ''ਚ ਸ਼ਾਮਲ ਹੁੰਦਾ ਪਾਇਆ ਜਾਂਦਾ ਹੈ ਤਾਂ ਉਸ ਉਮੀਦਵਾਰ ਦੇ ਜ਼ਿੰਮੇ ਵਿਆਹ ਆਦਿ ਦਾ ਸਾਰਾ ਖਰਚਾ ਚੋਣ ਖ਼ਰਚੇ ''ਚ ਗਿਣਿਆ ਜਾਵੇਗਾ।