ਪਰਾਲੀ ਸਾੜਨ ਦੇ ਮਾਮਲਿਆਂ ’ਚ ਕਿਸਾਨਾਂ ਖ਼ਿਲਾਫ਼ ਕਾਰਵਾਈ ‘ਆਪ’ ਦੀ ਕਿਸਾਨ ਵਿਰੋਧੀ ਸੋਚ ਦਾ ਸਬੂਤ: ਖੰਨਾ

Monday, Nov 02, 2026 - 07:54 PM (IST)

ਪਰਾਲੀ ਸਾੜਨ ਦੇ ਮਾਮਲਿਆਂ ’ਚ ਕਿਸਾਨਾਂ ਖ਼ਿਲਾਫ਼ ਕਾਰਵਾਈ ‘ਆਪ’ ਦੀ ਕਿਸਾਨ ਵਿਰੋਧੀ ਸੋਚ ਦਾ ਸਬੂਤ: ਖੰਨਾ

ਚੰਡੀਗੜ੍ਹ,  (ਅੰਕੁਰ) : ਪੰਜਾਬ ’ਚ ਪਰਾਲੀ ਸਾੜਨ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਆਪ ਸਰਕਾਰ ਦੀ ਸਖ਼ਤ ਨਿੰਖੇਧੀ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਿਸਾਨਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨਾ, ਜੁਰਮਾਨੇ ਲਾਉਣਾ ਤੇ ਉਨ੍ਹਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕਰਨਾ ਕਿਸੇ ਵੀ ਤਰ੍ਹਾਂ ਸਮੱਸਿਆ ਦਾ ਹੱਲ ਨਹੀਂ ਹੈ। ਸਰਕਾਰ ਨੂੰ ਕਿਸਾਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਸਮਝਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ’ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ, ਸਬਸਿਡੀ, ਡੀਜ਼ਲ ਤੇ ਆਰਥਿਕ ਸਹਾਇਤਾ ਸਮੇਂ ਸਿਰ ਮੁਹੱਈਆ ਕਰਵਾਏ। ਛੋਟੇ ਤੇ ਸੀਮਾਂਤ ਕਿਸਾਨਾਂ ਲਈ ਬੇਲਰ, ਹੈਪੀ ਸੀਡਰ, ਸੁਪਰ ਸੀਡਰ ਤੇ ਹੋਰ ਖੇਤੀ ਸੰਦ ਕਿਰਾਏ ’ਤੇ ਉਪਲਬਧ ਕਰਵਾਉਣ ਲਈ ਪਿੰਡ ਪੱਧਰ ’ਤੇ ਢੁੱਕਵਾਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਖੰਨਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੀ ਖੇਤੀ, ਵਧ ਰਹੀਆਂ ਲਾਗਤਾਂ ਤੇ ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ਉਨ੍ਹਾਂ ’ਤੇ ਜੁਰਮਾਨਿਆਂ ਦਾ ਬੋਝ ਪਾਉਣਾ ਤੇ ਪੁਲਸ ਕਾਰਵਾਈ ਮੰਦਭਾਗਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਬੈਠ ਕੇ ਸਮੱਸਿਆ ਦਾ ਵਿਹਾਰਕ ਹੱਲ ਕੱਢੇ ਤੇ ਕਿਸਾਨਾਂ ਨੂੰ ਸਹੂਲਤਾਂ ਦੇ ਕੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕਰੇ।


author

Shubam Kumar

Content Editor

Related News