ਐਡਵੋਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ

11/29/2023 2:56:36 PM

ਪਟਿਆਲਾ/ਸਨੌਰ (ਮਨਦੀਪ ਜੋਸਨ, ਬਲਜਿੰਦਰ) :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਜ਼ਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ’ਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫ਼ੈਸਲਾ ਨਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ’ਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਅਤੇ ਪਟੀਸ਼ਨ ’ਤੇ ਨਾਂਹ-ਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਬੇਨਕਾਬ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰੀ ਜੇਲ੍ਹ ’ਚ ਸਜ਼ਾ ਜ਼ਾਫਤਾ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ :  ਸ੍ਰੀ ਹਰਿਮੰਦਰ ਸਾਹਿਬ ’ਚੋਂ ਲੱਖਾਂ ਰੁਪਏ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਸਮੇਤ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਸਨ। ਐਡਵੋਕੇਟ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ 2 ਘੰਟੇ ਦੇ ਕਰੀਬ ਸੁਖਾਵੇਂ ਮਾਹੌਲ ’ਚ ਹੋਈ ਮੁਲਾਕਾਤ ਦੌਰਾਨ ਸੁਪਰੀਮ ਕੋਰਟ ’ਚ ਪਾਈ ਗਈ ਪਟੀਸ਼ਨ ’ਤੇ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਰਾਜੋਆਣਾ ’ਚ ਧਰਮ ਪ੍ਰਤੀ ਦ੍ਰਿੜਤਾ ਵਿਖਾਈ ਅਤੇ ਉਹ ਚੜ੍ਹਦੀਕਲਾ ’ਚ ਸਨ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ 'ਤੇ ਐਕਸ਼ਨ 'ਚ ਸ਼੍ਰੋਮਣੀ ਕਮੇਟੀ, ਲਿਆ ਵੱਡਾ ਫ਼ੈਸਲਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਰੱਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਇਸ ’ਤੇ ਸੰਜੀਦਗੀ ਨਾਲ ਵਿਚਾਰ ਕਰ ਕੇ ਯੋਗ ਹੱਲ ਲੱਭੇਗੀ। ਇਸ ਸਬੰਧੀ ਜਲਦ ਹੀ ਅੰਤ੍ਰਿੰਗ ਕਮੇਟੀ ਦੀ ਜਲਦ ਬੈਠਕ ਬੁਲਾਈ ਜਾਵੇਗੀ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਮੈਨੇਜਰ ਕਰਨੈਲ ਸਿੰਘ ਵਿਰਕ, ਬਲਤੇਜ ਸਿੰਘ ਖੋਖ ਆਦਿ ਸ਼ਾਮਲ ਸਨ।

ਇਹ ਵੀ ਪੜ੍ਹੋ :  ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ

ਨੇਪਾਲ ਦੇ ਗੁਰਦੁਆਰਾ ਨਾਨਕ ਮੱਠ ’ਚ ਲੰਗਰ ਵਰਤਾਉਣ ਦੀ ਮਨਾਹੀ ਮੰਦਭਾਗਾ ਵਰਤਾਰਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੇਪਾਲ ਦੇ ਗੁਰਦੁਆਰਾ ਨਾਨਕ ਮੱਠ ’ਚ ਲੰਗਰ ਵਰਤਾਉਣ ’ਤੇ ਕੀਤੀ ਗਈ ਮਨਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਕਦਮ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ’ਚ ਲੰਗਰ ਦੀ ਪ੍ਰਥਾ ਨਿਰੰਤਰ ਰਹਿੰਦੀ ਹੈ। ਪਿਛਲੇ ਸਾਲਾਂ ਤੋਂ ਇਸ ਪ੍ਰਥਾ ਦਾ ਗੁਰਦੁਆਰਾ ਨਾਨਕ ਮੱਠ ’ਚ ਬੰਦ ਹੋਣਾ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਨਾਨਕ ਲੇਵਾ ਸੰਗਤ ਜੇਕਰ ਚਾਹੇਗੀ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣ ਲਈ ਤਿਆਰ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal