ਬਿਜਲੀ ਦੀ ਸਪਲਾਈ ਕੱਟਣ ਤੋਂ ਦੁਖੀ ਲੋਕਾਂ ਨੇ ਸੜਕ ’ਤੇ ਕੀਤਾ ਧਰਨਾ ਪ੍ਰਦਰਸ਼ਨ

Wednesday, Jul 17, 2024 - 05:47 AM (IST)

ਲੁਧਿਆਣਾ (ਖੁਰਾਣਾ) : ਸਥਾਨਕ ਬੱਸ ਅੱਡੇ ਨੇੜੇ ਪੈਂਦੇ ਇਲਾਕੇ ਜਵਾਹਰ ਨਗਰ ਕੈਂਪ ਅਤੇ ਕੋਚਰ ਮਾਰਕੀਟ ’ਚ ਬਿਜਲੀ ਦੀ ਸਪਲਾਈ ਕੱਟਣ ਤੋਂ ਦੁਖੀ ਇਲਾਕਾ ਨਿਵਾਸੀਆਂ ਨੇ ਸੜਕ ’ਤੇ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਪ੍ਰਦਰਸ਼ਨਕਾਰੀਆਂ ’ਚ ਸ਼ਾਮਲ ਇਲਾਕਾ ਨਿਵਾਸੀਆਂ ਰਮੇਸ਼ ਲਾਲ, ਹਰੀਸ਼ ਕੁਮਾਰ, ਰਾਕੇਸ਼ ਕੁਮਾਰ ਅਤੇ ਲੰਕੇਸ਼ ਘਈ ਸਮੇਤ ਵੱਡੀ ਗਿਣਤੀ ’ਚ ਔਰਤਾਂ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਵਰਕਾਮ ਵਿਭਾਗ ਦੀ ਮਾਡਲ ਟਾਊਨ ਡਵੀਜ਼ਨ ਦੇ ਐੱਸ. ਡੀ. ਓ. ਅਤੇ ਐਕਸੀਅਨ ਆਰ. ਪੀ. ਸਿੰਘ ਖਿਲਾਫ ਗੰਭੀਰ ਦੋਸ਼ ਲਾਉਂਦੇ ਹੋਏ ਦਾਅਵਾ ਕੀਤਾ ਹੈ ਕਿ ਐੱਸ. ਡੀ. ਓ. ਅਤੇ ਐਕਸੀਅਨ ਆਰ. ਪੀ. ਸਿੰਘ ਵੱਲੋਂ ਲਗਾਤਾਰ ਅਪਣਾਈ ਜਾ ਰਹੀ ਲਾਪ੍ਰਵਾਹੀ ਕਾਰਨ ਇਲਾਕਾ ਨਿਵਾਸੀਆਂ ਨੂੰ ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਜੂਝਣਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਇਲਾਕਾ ਨਿਵਾਸੀਆਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਹੁੰਮਸ ਅਤੇ ਅੱਤ ਦੀ ਗਰਮੀ ’ਚ ਬਿਜਲੀ ਦੀ ਘਟੀਆ ਸਪਲਾਈ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹੋਏ ਪੀਣ ਵਾਲੇ ਪਾਣੀ ਦੀ ਇਕ-ਇਕ ਬੂੰਦ ਲਈ ਤੜਫਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਪੂਜਾ ਖੇਡਕਰ ਨੇ ਪੁਣੇ ਦੇ ਡੀਐੱਮ ਖ਼ਿਲਾਫ਼ ਦਰਜ ਕਰਵਾਇਆ ਛੇੜਛਾੜ ਦਾ ਮੁਕੱਦਮਾ, ਤਬਾਦਲੇ ਦਾ ਦਿੱਤਾ ਸੀ ਹੁਕਮ

ਇਲਾਕਾ ਨਿਵਾਸੀਆਂ ਨੇ ਮੀਡੀਆ ਮੁਲਾਜ਼ਮਾਂ ਨੂੰ ਦੱਸਿਆ ਕਿ ਪਿਛਲੇ ਕਰੀਬ ਇਕ ਹਫ਼ਤੇ ਦੌਰਾਨ ਜਵਾਹਰ ਨਗਰ ਕੈਂਪ ਅਤੇ ਕੋਚਰ ਮਾਰਕੀਟ ਦੇ ਲੋਕਾਂ ਵੱਲੋਂ ਬਿਜਲੀ ਦੀ ਘਟੀਆ ਸਪਲਾਈ ਕਾਰਨ 2 ਵਾਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਸੜਕ ਜਾਮ ਕੀਤੀ ਗਈ ਹੈ, ਬਾਵਜੂਦ ਇਸ ਦੇ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ, ਖਾਸ ਕਰ ਕੇ ਐੱਸ.ਡੀ.ਓ. ਅਤੇ ਐਕਸੀਅਨ ਦੇ ਸਿਰ ’ਤੇ ਜੂੰ ਤੱਕ ਨਹੀਂ ਰੇਂਗ ਰਹੀ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ 2 ਵਜੇ ਤੋਂ ਇਲਾਕੇ ’ਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਠੱਪ ਪਈ ਹੋਈ ਹੈ ਅਤੇ ਪਾਵਰਕਾਮ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਮੰਗਲਵਾਰ ਸ਼ਾਮ 7 ਵਜੇ ਤੱਕ ਮਤਲਬ ਕਰੀਬ 19 ਘੰਟੇ ਤੱਕ ਇਲਾਕੇ ’ਚ ਬਿਜਲੀ ਸਪਲਾਈ ਸ਼ੁਰੂ ਨਹੀਂ ਹੋ ਸਕੀ।

ਮਾਮਲੇ ਸਬੰਧੀ ਗੱਲਬਾਤ ਕਰਨ ਲਈ ਜਦੋਂ ਪਾਵਰਕਾਮ ਵਿਭਾਗ ਦੇ ਐਕਸੀਅਨ ਆਰ. ਪੀ. ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣੀ ਆਦਤ ਮੁਤਾਬਕ ਫੋਨ ਚੁੱਕਣਾ ਜ਼ਰੂਰੀ ਨਹੀਂ ਸਮਝਿਆ।

ਓਧਰ, ਇਲਾਕਾ ਨਿਵਾਸੀਆਂ ਵੱਲੋਂ ਸੜਕ ਜਾਮ ਕਰਨ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜੇ ਕੋਚਰ ਮਾਰਕੀਟ ਪੁਲਸ ਚੌਕੀ ਦੇ ਇੰਚਾਰਜ ਧਰਮਪਾਲ ਨੇ ਇਲਾਕਾ ਨਿਵਾਸੀਆਂ ਦੀ ਵਿਧਾਨ ਸਭਾ ਹਲਕਾ ਵੈਸਟ ਦੇ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਫੋਨ ’ਤੇ ਗੱਲਬਾਤ ਕਰਵਾਉਂਦੇ ਹੋਏ ਭਰੋਸਾ ਦਿੱਤਾ ਕਿ 1 ਘੰਟੇ ਬਾਅਦ ਇਲਾਕੇ ’ਚ ਬਿਜਲੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਵਿਧਾਇਕ ਦੇ ਭਰੋਸੇ ’ਤੇ ਧਰਨਾ ਖ਼ਤਮ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


DILSHER

Content Editor

Related News