ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ, ਨਰਮੇ ਦੀ ਖੇਤੀ ਦਾ ਲਿਆ ਜਾਇਜ਼ਾ

09/04/2023 1:10:06 AM

ਫਾਜ਼ਿਲਕਾ (ਸੁਖਵਿੰਦਰ ਥਿੰਦ) : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਤਵਾਰ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਜਾ ਕੇ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਰਹੱਦੀ ਪਿੰਡਾਂ ਦੇ ਹੜ੍ਹ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਖੁੱਡੀਆਂ ਨੇ ਪਿੰਡ ਮਾਹੂਆਣਾ ਬੋਦਲਾ ਅਤੇ ਕਮਾਲ ਵਾਲਾ 'ਚ ਨਰਮੇ ਦੇ ਖੇਤਾਂ 'ਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫ਼ਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਅਤੇ ਆਪਣੇ ਵਿਭਾਗ ਦੇ ਅਧਿਕਾਰੀਆਂ ਤੋਂ ਨਰਮੇ ਦੀ ਤਾਜ਼ਾ ਸਥਿਤੀ, ਗੁਲਾਬੀ ਸੁੰਡੀ ਦੇ ਹਮਲੇ ਦੀ ਜਾਣਕਾਰੀ ਲਈ।

ਇਹ ਵੀ ਪੜ੍ਹੋ : ਮੋਬਾਇਲ ਵਿਕਰੇਤਾ iPhone ਦੀ ਆੜ 'ਚ ਕਰ ਰਹੇ 'ਗੋਲਡ ਸਮੱਗਲਿੰਗ', ਪੜ੍ਹੋ ਹੈਰਾਨ ਕਰਨ ਵਾਲਾ ਮਾਮਲਾ

ਇਸ ਮੌਕੇ ਕਿਸਾਨਾਂ ਨੇ ਇਸ ਵਾਰ ਪਾਣੀ ਦੀ ਕੋਈ ਘਾਟ ਨਾ ਆਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਹਿਕਮੇ ਨੇ ਉਨ੍ਹਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਚੰਗੇ ਉਪਰਾਲੇ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੰਤਰੀ ਨੇ ਕਿਸਾਨਾਂ ਤੋਂ ਉਨ੍ਹਾਂ ਦੇ ਵਿਚਾਰ ਲਏ ਕਿ ਪੰਜਾਬ ਵਿੱਚ ਨਰਮੇ ਦੀ ਫ਼ਸਲ ਨੂੰ ਕਿਸ ਤਰ੍ਹਾਂ ਹੋਰ ਹੁਲਾਰਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਰਮੇ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਦ੍ਰਿੜ੍ਹ ਸੰਕਲਪਿਤ ਹੈ। ਉਨ੍ਹਾਂ ਕਿਹਾ ਕਿ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕ ਮਿਲਣ। ਉਨ੍ਹਾਂ ਨੇ ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਆਲਟੀ ਕੰਟਰੋਲ ਪ੍ਰਤੀ ਕੋਈ ਢਿੱਲ ਨਾ ਵਰਤੀ ਜਾਵੇ। 

ਇਹ ਵੀ ਪੜ੍ਹੋ : ਪ੍ਰੇਮੀ ਨੂੰ ਰਸਤੇ 'ਚੋਂ ਹਟਾਉਣ ਲਈ ਕਾਤਲ ਬਣੀ ਟਿਕਟਾਕ ਸਟਾਰ, ਦੋਹਰੇ ਕਤਲ ਕੇਸ 'ਚ ਮਾਂ-ਧੀ ਨੂੰ ਉਮਰਕੈਦ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਵੱਲੋਂ ਹੜ੍ਹ ਦੌਰਾਨ ਲੋਕਾਂ ਦੀ ਕੀਤੀ ਗਈ ਮਦਦ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕੈਬਨਿਟ ਮੰਤਰੀ ਅੱਗੇ ਆਪਣੇ ਇਲਾਕੇ ਦੇ ਕਿਸਾਨਾਂ ਦੀਆਂ ਮੰਗਾਂ ਵੀ ਰੱਖੀਆਂ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐੱਸ ਨੇ ਕੈਬਨਿਟ ਮੰਤਰੀ ਦਾ ਇੱਥੇ ਪੁੱਜਣ 'ਤੇ ਸਵਾਗਤ ਕੀਤਾ। ਇਸ ਮੌਕੇ ਐੱਸਡੀਐੱਮ ਨਿਕਾਸ ਖੀਂਚੜ, ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਮਨਜੋਤ ਸਿੰਘ ਖੇੜਾ, ਦੇਵ ਰਾਜ ਸ਼ਰਮਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News