ਅਕਾਲੀ ਦਲ ਨੇ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
Tuesday, Apr 02, 2024 - 05:57 PM (IST)
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਅਤੇ ਦੋਸ਼ ਲਾਇਆ ਕਿ ਉਹ ਸੰਵਿਧਾਨਕ ਅਹੁਦੇ ’ਤੇ ਹੁੰਦਿਆਂ ਹੋਇਆਂ ਵੀ ਭਾਜਪਾ ਦੀਆਂ ਸਿਆਸੀ ਗਤੀਵਿਧੀਆਂ ਵਿਚ ਖੁਲ੍ਹੇਆਮ ਤੇ ਗੈਰ ਕਾਨੂੰਨੀ ਤਰੀਕੇ ਨਾਲ ਸ਼ਾਮਲ ਹੋ ਰਹੇ ਹਨ ਤੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ 1992 ਦੇ ਕੌਮੀ ਘੱਟ ਗਿਣਤੀ ਐਕਟ ਤਹਿਤ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਸਥਾਪਨਾ ਕੀਤੀ ਹੋਈ ਹੈ। ਇਸ ਕਮਿਸ਼ਨ ਨੂੰ ਸਥਾਪਿਤ ਕਰਨ ਦਾ ਮਕਸਦ ਦੇਸ਼ ਦੇ ਸੰਵਿਧਾਨ ਅਤੇ ਸੰਸਦ ਵੱਲੋਂ ਬਣਾਏ ਕਾਨੂੰਨਾਂ ਮੁਤਾਬਕ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੁੰਦਾ ਹੈ।
ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਕਾਰਨ ਸਵਾਰੀਆਂ ਨਾਲ ਭਰੀ ਬੱਸ ਡਰੇਨ 'ਚ ਪਲਟੀ, ਮੌਕੇ 'ਤੇ ਪਿਆ ਚੀਕ-ਚਿਹਾੜਾ
ਉਨ੍ਹਾਂ ਕਿਹਾ ਕਿ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੂੰ 13.4.22 ਨੂੰ ਕੇਂਦਰ ਸਰਕਾਰ ਨੇ ਦੁਬਾਰਾ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਉਨ੍ਹਾਂ ਨੂੰ ਇਕ ਕਾਨੂੰਨ ਤਹਿਤ ਨਿਯੁਕਤ ਕੀਤਾ ਗਿਆ ਸੀ ਤੇ ਉਨ੍ਹਾਂ ਦਾ ਕੰਮ ਘੱਟ ਗਿਣਤੀਆਂ ਦੀ ਬੇਹਤਰੀ ਵਾਸਤੇ ਕੰਮ ਕਰਨਾ ਹੈ ਨਾ ਕਿ ਕਿਸੇ ਇਕ ਵਿਸ਼ੇਸ਼ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋਣਾ। ਉਨ੍ਹਾਂ ਕਿਹਾ ਕਿ ਉਹ ਕਮਿਸ਼ਨ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਨ ਕਿ ਸਰਦਾਰ ਇਕਬਾਲ ਸਿੰਘ ਲਾਲਪੁਰਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਸਿਆਸੀ ਗਤੀਵਿਧੀਆਂ ਵਿਚ ਲਗਾਤਾਰ ਸ਼ਾਮਲ ਹੋ ਰਹੇ ਹਨ ਅਤੇ ਉਹ ਹੋਰ ਪਾਰਟੀਆਂ ਤੋਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਵੇਲੇ ਵੀ ਹਾਜ਼ਰ ਰਹਿੰਦੇ ਹਨ। ਪਿਛਲੇ ਹਫਤੇ ਜਦੋਂ ਕਾਂਗਰਸ ਦੇ ਐੱਮ. ਪੀ. ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਲ ਹੋਏ ਸਨ ਤਾਂ ਸਰਦਾਰ ਲਾਲਪੁਰਾ ਉਸ ਵੇਲੇ ਵੀ ਭਾਜਪਾ ਮੁੱਖ ਦਫਤਰ ਵਿਚ ਮੌਜੂਦ ਸਨ।
ਇਹ ਵੀ ਪੜ੍ਹੋ : ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ
ਐਡਵੋਕੇਟ ਕਲੇਰ ਨੇ ਕਿਹਾ ਕਿ ਇਹ ਸੰਵਿਧਾਨਕ ਵਿਵਸਥਾ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਹੈ ਕਿਉਂਕਿ ਸਰਦਾਰ ਇਕਬਾਲ ਸਿੰਘ ਲਾਲਪੁਰਾ ਇਕ ਸਿਆਸੀ ਆਗੂ ਦੇ ਤੌਰ ’ਤੇ ਵਿਚਰ ਰਹੇ ਹਨ ਜਦੋਂ ਕਿ ਉਹਨਾਂ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵਿਚਰਨਾ ਚਾਹੀਦਾ ਹੈ ਜਿਸ ਵਾਸਤੇ ਉਹ ਭਾਰਤ ਸਰਕਾਰ ਦੇ ਖ਼ਜ਼ਾਨੇ ਵਿਚੋਂ ਤਨਖਾਹ ਲੈ ਰਹੇ ਹਨ। ਅਕਾਲੀ ਆਗੂ ਨੇ ਸੰਵਿਧਾਨਕ ਵਿਵਸਥਾਵਾਂ ਤੇ ਚੋਣ ਜ਼ਾਬਤੇ ਦੀ ਇਸ ਸ਼ਰ੍ਹੇਆਮ ਉਲੰਘਣਾ ਖਿਲਾਫ ਸਖ਼ਤ ਰੋਸ ਦਰਜ ਕਰਵਾਇਆ ਤੇ ਕਮਿਸ਼ਨ ਤੋਂ ਮੰਗ ਕੀਤੀ ਕਿ ਸਰਦਾਰ ਲਾਲਪੁਰਾ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਐਡਵੋਕੇਟ ਕਲੇਰ ਦੇ ਨਾਲ ਲੀਗਲ ਸੈਲ ਦੇ ਮੈਂਬਰ ਸਰਦਾਰ ਜਸਪ੍ਰੀਤ ਸਿੰਘ ਬਰਾੜ ਤੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਰਣਬੀਰ ਸਿੰਘ ਤੇ ਹੋਰ ਸਾਥੀ ਵੀ ਸਨ।
ਇਹ ਵੀ ਪੜ੍ਹੋ : ਬਠਿੰਡਾ 'ਚ ਭਾਜਪਾ ਆਗੂਆਂ ਦੇ ਦਾਖ਼ਲੇ 'ਤੇ ਪਾਬੰਦੀ, ਪੋਸਟਰ 'ਚ ਲਿਖਿਆ- 'ਕਿਸਾਨ ਦਾ ਦਿੱਲੀ ਜਾਣਾ ਬੰਦ, ਭਾਜਪਾ ਦਾ...'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8