ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਅਕਾਲੀ ਦਲ ਲਿਆਵੇਗੀ ਵਨ-ਟਾਈਮ ਸੈਟਲਮੈਂਟ ਸਕੀਮ: ਸੁਖਬੀਰ ਬਾਦਲ

Wednesday, Nov 18, 2026 - 05:50 PM (IST)

ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਅਕਾਲੀ ਦਲ ਲਿਆਵੇਗੀ ਵਨ-ਟਾਈਮ ਸੈਟਲਮੈਂਟ ਸਕੀਮ: ਸੁਖਬੀਰ ਬਾਦਲ

ਖਰੜ (ਅਮਰਦੀਪ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਾਰੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਵਨ-ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਲੋਨੀਆਂ ਵਿੱਚ ਸੀਵਰੇਜ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਉਨ੍ਹਾਂ ਨੂੰ ਸਰਕਾਰ ਆਪਣੇ ਅਧੀਨ ਲੈ ਕੇ ਵਿਕਸਤ ਕਰੇਗੀ ਤਾਂ ਜੋ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਹੋ ਸਕੇ।

ਇਹ ਵੀ ਪੜ੍ਹੋ-  ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋਏ ਤਬਾਦਲੇ

ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕਰਵਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਲੋਨੀਆਂ ਵਿੱਚ ਜਾਇਦਾਦਾਂ ਦੀ ਖਰੀਦ-ਵੇਚ ਲਈ ਐੱਨਓਸੀ ਦੀ ਸ਼ਰਤ ਲੋਕਾਂ ਲਈ ਪ੍ਰੇਸ਼ਾਨੀ ਅਤੇ ਭ੍ਰਿਸ਼ਟਾਚਾਰ ਦਾ ਕਾਰਨ ਬਣੀ ਹੋਈ ਹੈ। ਅਕਾਲੀ ਦਲ ਦੀ ਸਰਕਾਰ ਬਣਨ 'ਤੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ 'ਬਿਲਡ ਪੰਜਾਬ' ਨਾਂ ਦਾ ਨਵਾਂ ਵਿਭਾਗ ਸਥਾਪਤ ਕਰਨ ਦਾ ਐਲਾਨ ਵੀ ਕੀਤਾ, ਜੋ ਨਕਸ਼ਿਆਂ ਦੀ ਮਨਜ਼ੂਰੀ ਸਮੇਤ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਇੱਕ ਮਹੀਨੇ ਦੇ ਅੰਦਰ ਦੇਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਵਿਕਾਸ ਖਰਚਿਆਂ ਅਤੇ ਹੋਰ ਟੈਕਸਾਂ ਨੂੰ ਤਰਕਸੰਗਤ ਬਣਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ- ਪਠਾਨਕੋਟ-ਡਲਹੌਜ਼ੀ-ਚੰਬਾ ਹਾਈਵੇਅ ਤੋਂ ਡੂੰਘੀ ਖੱਡ 'ਚ ਡਿੱਗੀ ਜੀਪ, ਪਿਆ ਚੀਕ-ਚਿਹਾੜਾ

ਉਨ੍ਹਾਂ ਛੋਟੇ ਦੁਕਾਨਦਾਰਾਂ ਨੂੰ ਰਾਹਤ ਦੇਣ ਲਈ ਪਿਛਲੀ ਅਕਾਲੀ ਸਰਕਾਰ ਦੀ ਰਾਹਤ ਸਕੀਮ ਮੁੜ ਲਾਗੂ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਛੋਟੇ ਦੁਕਾਨਦਾਰਾਂ ਲਈ ਸਾਲਾਨਾ ਇੱਕ ਹਜ਼ਾਰ ਰੁਪਏ ਦੀ ਇਕਮੁਸ਼ਤ ਜੀਐੱਸਟੀ ਸਕੀਮ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਡਾ. ਜੋਤੀ ਲਾਲ ਭਾਰਦਵਾਜ, ਖਰੜ ਆੜ੍ਹਤੀਆ ਐਸੋਸੀਏਸ਼ਨ ਦੇ ਸੁਨੀਲ ਅਗਰਵਾਲ ਅਤੇ ਕੁਰਾਲੀ ਮੰਡੀ ਦੇ ਬਿੱਟੂ ਖੁੱਲਰ ਨੇ ਆਪਣੀਆਂ ਮੰਗਾਂ ਰੱਖਦਿਆਂ ਰਜਿਸਟਰੀ ਦਰਾਂ ਘਟਾਉਣ ਅਤੇ ਕੁਰਾਲੀ ਮੰਡੀ ਵਿੱਚ ਨਵਾਂ ਯਾਰਡ ਬਣਾਉਣ ਦੀ ਮੰਗ ਕੀਤੀ। ਚਨਾਲੋਂ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਏ.ਐਲ. ਚੌਧਰੀ ਨੇ ਫੈਕਟਰੀਆਂ ਨੂੰ ਨਿਯਮਤ ਕਰਨ ਅਤੇ ਫੋਕਲ ਪੁਆਇੰਟ ਵਿੱਚ ਸੀਵਰੇਜ ਤੇ ਸੜਕਾਂ ਦੀ ਹਾਲਤ ਸੁਧਾਰਨ ਦਾ ਮੁੱਦਾ ਚੁੱਕਿਆ।

ਇਹ ਵੀ ਪੜ੍ਹੋ- ਦੁਬਈ ਤੋਂ ਅੰਮ੍ਰਿਤਸਰ ਆਏ 2 ਨੌਜਵਾਨਾਂ ਕੋਲੋਂ ਸ਼ੱਕੀ ਵੀਡੀਓ ਵੇਖ ਅਧਿਕਾਰੀ ਰਹਿ ਗਏ ਹੈਰਾਨ, ਹੋ ਗਈ ਵੱਡੀ ਕਾਰਵਾਈ

ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਦੂਰਅੰਦੇਸ਼ੀ ਵਾਲੀ ਅਗਵਾਈ ਦੀ ਲੋੜ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਵਪਾਰੀਆਂ ਨੂੰ ਡਰਾਉਣ-ਧਮਕਾਉਣ ਅਤੇ ਕਥਿਤ ਗੈਰ-ਕਾਨੂੰਨੀ ਵਸੂਲੀ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਸੂਬੇ ਵਿੱਚ ਗੈਂਗਸਟਰ ਸੱਭਿਆਚਾਰ ਖਤਮ ਕਰਨ ਦਾ ਵੀ ਭਰੋਸਾ ਦਿੱਤਾ। ਅਖੀਰ ਵਿੱਚ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਰਵਿੰਦਰ ਸਿੰਘ ਖੇੜਾ ਨੂੰ ਖਰੜ ਤੋਂ ਵਿਧਾਇਕ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇੜਾ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਐਨ.ਕੇ. ਸ਼ਰਮਾ, ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਪਰਮਿੰਦਰ ਸਿੰਘ ਸੋਹਾਣਾ  ਜਿਲਾ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਅਤੇ ਉਦਯੋਗਪਤੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News