ਅਨਾਜ ਮੰਡੀਆਂ ’ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਪੂਰੇ, ਕਿਸਾਨਾਂ ਨੂੰ ਨਹੀਂ ਹੋਵੇਗੀ ਕੋਈ ਪ੍ਰੇਸ਼ਾਨੀ : ਹਰਪਾਲ ਚੀਮਾ

04/09/2022 4:49:38 PM

ਦਿੜ੍ਹਬਾ/ਸੰਗਰੂਰ (ਵਿਜੈ ਕੁਮਾਰ ਸਿੰਗਲਾ, ਅਜੇ ) : ਪੰਜਾਬ ਸਰਕਾਰ ਵਲੋਂ ਕਣਕ ਦੀ ਸੁਚਾਰੂ ਖਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੁਚੱਜੀ ਖਰੀਦ ਪ੍ਰਕਿਰਿਆ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਸਨ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਅਧਿਕਾਰੀਆਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆ ਸਕੇ।

ਇਹ ਵੀ ਪੜ੍ਹੋ : ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੇ 14 ਅਪ੍ਰੈਲ ਤੋਂ ਕੀਤਾ ਖ਼ਰੀਦ ਬਾਈਕਾਟ ਦਾ ਐਲਾਨ, ਸਰਕਾਰ ਨੂੰ ਦਿੱਤਾ ਅਲਟੀਮੇਟਮ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਸੁਚੱਜੇ ਪ੍ਰਬੰਧਾਂ ਦੇ ਚਲਦਿਆਂ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਜਿਣਸ ਦੀ ਸਮੇਂ ਸਿਰ ਅਦਾਇਗੀ, ਬਾਰਦਾਨੇ ਦੀ ਉਪਲਬੱਧਤਾ, ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ, ਟਰਾਂਸਪੋਰਟੇਸ਼ਨ ਦੇ ਨਾਲ ਨਾਲ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਲਈ ਮੰਡੀਆਂ ਵਿੱਚ ਪੀਣ ਲਈ ਸਾਫ਼ ਪਾਣੀ, ਬੈਠਣ ਵਿਵਸਥਾ, ਲਾਈਟਾਂ, ਪਖਾਨਿਆਂ ਸਮੇਤ ਹੋਰ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਵਾਰ 9 ਲੱਖ ਮੀਟ੍ਰਿਕ ਟਨ ਕਣਕ ਪੁੱਜਣ ਦੀ ਸੰਭਾਵਨਾ ਹੈ ਅਤੇ ਸਮੂਹ ਮੰਡੀਆਂ ਵਿੱਚ ਮਿਆਰੀ ਖਰੀਦ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਹਨ ਅਤੇ ਉਪ ਮੰਡਲ ਮੈਜਿਸਟਰੇਟ ਲਗਾਤਾਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਪ ਮੰਡਲ ਮੈਜਿਸਟਰੇਟ ਸ੍ਰੀ ਰਾਜੇਸ਼ ਸ਼ਰਮਾ ਦੇ ਨਾਲ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News