ਜ਼ਿਲ੍ਹਾ ਬਰਨਾਲਾ ’ਚ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਪਾਰਟੀ ਦੀਆਂ ਟਿਕਟਾਂ ’ਤੇ ਟਿਕੀਆਂ

01/18/2022 2:09:11 PM

ਬਰਨਾਲਾ (ਵਿਵੇਕ ਸਿੰਧਵਾਨੀ) : ਜ਼ਿਲ੍ਹਾ ਬਰਨਾਲਾ ਜੋ ਕਿਸੇ ਵੇਲੇ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਹੁੰਦਾ ਸੀ, ਉਸ ਮਗਰੋਂ ਉਸ ਗੜ੍ਹ ’ਚ ਕਾਂਗਰਸ ਪਾਰਟੀ ਨੇ ਸੇਧ ਲਾਈ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸੀਟਾਂ ’ਤੇ ਕਬਜ਼ਾ ਕੀਤਾ। ਆਮ ਆਦਮੀ ਪਾਰਟੀ ਨੇ ਆਪਣੇ ਪਿਛਲੀਆਂ ਚੋਣਾਂ ’ਚ ਜਿੱਥੇ ਦੋਹਾਂ ਵਿਧਾਇਕਾਂ ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ’ਤੇ ਦੁਬਾਰਾ ਦਾਅ ਖੇਡਿਆ ਹੈ ਜਦਕਿ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਜ਼ਿਲ੍ਹਾ ਬਰਨਾਲਾ ਵਿੱਚ ਕਾਂਗਰਸ ਪਾਰਟੀ ਵੱਲੋਂ ਅੱਜ ਤਕ ਇਕ ਵੀ ਸੀਟ ’ਤੇ ਆਪਣਾ ਉਮੀਦਵਾਰ ਦਾ ਐਲਾਨ ਨਾ ਕੀਤੇ ਜਾਣ ਨਾਲ ਲੋਕਾਂ ਦੀਆਂ ਨਜ਼ਰਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਲ ਹੀ ਟਿਕੀਆਂ ਹੋਈਆਂ ਹਨ।ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਸ ਵਾਰ ਕਾਂਗਰਸ ਪਾਰਟੀ ਹਰ ਕਦਮ ਫੂਕ ਫੂਕ ਕੇ ਰੱਖਣਾ ਚਾਹੁੰਦੀ ਹੈ ਜਿਸ ਕਰਕੇ ਉਸ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਨ ’ਚ ਦੇਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਸ ਵਾਰ ਪੰਜਾਬ ਚੋਣਾਂ 'ਚ ਸਰਗਰਮ ਨਹੀਂ ਦਿਖ ਰਹੇ NRI, ਸਾਰੀਆਂ ਸਿਆਸੀ ਪਾਰਟੀਆਂ ਤੋਂ ਵੱਟਿਆ ਟਾਲਾ

ਹਲਕਾ ਬਰਨਾਲਾ ਦੀ ਗੱਲ ਕਰੀਏ ਤਾਂ ਇੱਥੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਕੇਵਲ ਸਿੰਘ ਢਿੱਲੋਂ ਟਿਕਟ ਦੇ ਮੁੱਖ ਦਾਅਵੇਦਾਰ ਹਨ ਪਰ ਸਾਬਕਾ ਰੇਲਵੇ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਖਜ਼ਾਨਚੀ ਪਵਨ ਬਾਂਸਲ ਦੇ ਬੇਟੇ ਮਨੀਸ਼ ਬਾਂਸਲ ਵੱਲੋਂ ਬੀਤੇ ਕੁਝ ਦਿਨਾਂ ਤੋਂ ਆਪਣੇ ਸਮਰਥਕਾਂ ਰਾਹੀਂ ਸੋਸ਼ਲ ਮੀਡੀਆ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੇ ਢਿੱਲੋਂ ਸਮਰਥਕਾਂ ਵਿੱਚ ਇੱਕ ਬੇਚੈਨੀ ਪੈਦਾ ਕਰ ਦਿੱਤੀ ਹੈ। ਭਾਵੇਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਟਿਕਟ 100 ਫ਼ੀਸਦੀ ਪੱਕੀ ਹੈ ਅਤੇ ਇਕ ਦੋ ਦਿਨਾਂ ਵਿੱਚ ਇਸ ਦਾ ਐਲਾਨ ਵੀ ਹੋ ਜਾਵੇਗਾ ਪਰ ਨਾਲ ਹੀ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਸਮਰਥਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਇਹ ਮੁਹਿੰਮ ਵੀ ਬੜੀ ਤੇਜ਼ੀ ਨਾਲ ਚਲਾਈ ਜਾ ਰਹੀ ਹੈ ਕਿ ਇਸ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਨਾਲ ਸੀ ਨਾਲ ਹਾਂ ਅਤੇ ਨਾਲ ਰਹਾਂਗੇ। ਇਸ ਮੁਹਿੰਮ ਨੂੰ ਵੀ ਸਿਆਸੀ ਮਾਹਰ ਕਈ ਨਜ਼ਰਾਂ ਨਾਲ ਵੇਖ ਰਹੇ ਹਨ। ਦੂਜੇ ਪਾਸੇ ਸ਼ਹਿਰ ’ਚ ਇਹ ਚਰਚਾ ਵੀ ਬੜੀ ਜ਼ੋਰ ਨਾਲ ਚੱਲ ਰਹੀ ਹੈ ਕਿ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੇ ਸ਼ਹਿਰ ਵਿਚ ਤਿੰਨ ਕੋਠੀਆਂ ਦੀਆਂ ਚਾਬੀਆਂ ਵੀ ਲੈ ਲਈਆਂ ਹਨ। ਅੱਜ ਜਿਵੇਂ ਹੀ ਟਿਕਟ ਦਾ ਐਲਾਨ ਹੋਵੇਗਾ ਉਨ੍ਹਾਂ ਵੱਲੋਂ ਬੜੀ ਜ਼ੋਰ ਸ਼ੋਰ ਨਾਲ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਜਾਵੇਗੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀਆਂ ਚੋਣ ਸਰਗਰਮੀਆਂ ’ਚ ਖਾਸਾ ਵਾਧਾ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲੋਂ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਵੱਲੋਂ ਵੀ ਆਪਣੇ ਸਮਰਥਕਾਂ ਨਾਲ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵਾਪਰੀ ਬੇਅਦਬੀ ਦੀ ਘਟਨਾ, ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ

ਹਲਕਾ ਮਹਿਲ ਕਲਾਂ ਜਿੱਥੋਂ ਆਮ ਆਦਮੀ ਪਾਰਟੀ ਵੱਲੋਂ ਕੁਲਵੰਤ ਸਿੰਘ ਪੰਡੋਰੀ ਮੌਜੂਦਾ ਵਿਧਾਇਕ ਚੋਣ ਮੈਦਾਨ ਵਿੱਚ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਵੱਲੋਂ ਇਹ ਸੀਟ ਬਸਪਾ ਦੇ ਖਾਤੇ ’ਚ ਦਿੱਤੇ ਜਾਣ ਕਾਰਨ ਇੱਥੋਂ ਬਸਪਾ ਵੱਲੋਂ ਚਮਕੌਰ ਸਿੰਘ ਵੀਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਅਜੇ ਖੁੱਲ੍ਹ ਕੇ ਚੋਣ ਪ੍ਰਚਾਰ ’ਤੇ ਨਹੀਂ ਆਏ ਜਿਸ ਕਾਰਨ ਚਮਕੌਰ ਸਿੰਘ ਵੀਰ ਦੀ ਚੋਣ ਮੁਹਿੰਮ ਵਜੋਂ ਉਨ੍ਹਾਂ ਹੁੰਗਾਰਾ ਨਹੀਂ ਮਿਲ ਸਕਿਆ। ਕਾਂਗਰਸ ਪਾਰਟੀ ਵੱਲੋਂ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੁਦ ਜਾਂ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਚੋਣ ਲੜਾਏ ਜਾਣ ਦਾ ਚਰਚਾਵਾਂ ਦਾ ਬਾਜ਼ਾਰ ਪੂਰੀ ਤਰ੍ਹਾਂ ਨਾਲ ਗਰਮ ਹੈ। ਕਾਂਗਰਸ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਹਲਕਾ ਮਹਿਲ ਕਲਾਂ ਤੋਂ ਮੁੱਖ ਮੰਤਰੀ ਖ਼ੁਦ ਚੋਣ ਲੜਦੇ ਹਨ ਤਾਂ ਇਸ ਦਾ ਅਸਰ ਪੂਰੇ ਮਾਲਵਾ ਦੀਆਂ ਸੀਟਾਂ ’ਤੇ ਵੇਖਣ ਨੂੰ ਮਿਲੇਗਾ। ਬੀਤੇ ਦਿਨੀਂ ਮੁੱਖ ਮੰਤਰੀ ਚੰਨੀ ਵੱਲੋਂ ਮਹਿਲ ਕਲਾਂ ਨੂੰ ਨਗਰ ਪੰਚਾਇਤ ਦਾ ਦਰਜਾ ਦੇਣਾ ਅਤੇ ਇੱਥੇ ਆਈ.ਟੀ.ਆਈ. ਦੀ ਸਥਾਪਨਾ ਕਰਨ ਦਾ ਐਲਾਨ ਕਰਨ ਨੂੰ ਇਨ੍ਹਾਂ ਸਭ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਹਲਕਾ ਭਦੌੜ ਦੀ ਗੱਲ ਕਰੀਏ ਤਾਂ ਇੱਥੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਲੋਕਾਂ ਨਾਲ ਰਾਬਤਾ ਰੱਖਿਆ ਹੋਇਆ ਹੈ ਅਤੇ ਲੋਕਾਂ ਦੇ ਸੁੱਖ ਦੁੱਖ ਵਿੱਚ ਸ਼ਰੀਕ ਹੋ ਰਹੇ ਹਨ।ਉਨ੍ਹਾਂ ਦੀ ਸ਼ਰਾਫਤ ਦਾ ਉਨ੍ਹਾਂ ਨੂੰ ਸਭ ਤੋਂ ਵੱਧ ਫ਼ਾਇਦਾ ਮਿਲ ਰਿਹਾ ਹੈ।ਆਮ ਆਦਮੀ ਪਾਰਟੀ ਵੱਲੋਂ ਇੱਥੋਂ ਨੌਜਵਾਨ ਉਮੀਦਵਾਰ ਲਾਭ ਸਿੰਘ ਉਗੋਕੇ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਹੈ ਜਦ ਕਿ ਕਾਂਗਰਸ ਪਾਰਟੀ ਵੱਲੋਂ ਇੱਥੋਂ ਸਾਂਸਦ ਮੁਹੰਮਦ ਸਦੀਕ ਨੂੰ ਲੜਾਉਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ।ਕਾਂਗਰਸ ਪਾਰਟੀ ਨੂੰ ਇਸ ਗੱਲ ਦਾ ਪਤਾ ਹੈ ਕਿ ਹਲਕਾ ਭਦੌੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੁਜ਼ੀਸ਼ਨ ਬਹੁਤ ਵਧੀਆ ਹੈ ਅਤੇ ਇੱਥੋਂ ਕੋਈ ਤਕੜਾ ਉਮੀਦਵਾਰ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਟੱਕਰ ਦੇ ਸਕਦਾ ਹੈ। ਹੁਣ ਜ਼ਿਲ੍ਹਾ ਬਰਨਾਲਾ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਐਲਾਨ ਹੋਣ ਤੋਂ ਬਾਅਦ ਹੀ ਸਥਿਤੀ ਸਾਫ਼ ਹੋ ਸਕੇਗੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News