ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਵਿਧਾਇਕ ਰਾਜਾ ਵੜਿੰਗ ਨੂੰ ਦਿੱਤਾ ਮੰਗ-ਪੱਤਰ

05/03/2021 1:46:02 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਗਿੱਦੜਬਾਹਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਉਨ੍ਹਾਂ ਦੇ ਘਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਮੰਗ-ਪੱਤਰ ਦਿੱਤਾ । ਯੂਨੀਅਨ ਦੇ ਵਫ਼ਦ ਨੇ ਵਿਧਾਇਕ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਨ੍ਹਾਂ ਦੀ ਅਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇ ।

PunjabKesari

ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਖੂਨ ਨਾਲ ਮੰਗ-ਪੱਤਰ ਲਿਖ ਕੇ ਦਿੱਤੇ ਜਾਣਗੇ । ਯੂਨੀਅਨ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ  ’ਤੇ ਮਾਣ-ਭੱਤਾ ਦਿੱਤਾ ਜਾਵੇ । ਐੱਨ. ਜੀ. ਓ. ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਅਤੇ ਕਰੈੱਚ ਵਰਕਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟਫ਼ੋਨ ਦਿੱਤੇ ਜਾਣ, ਉਤਸ਼ਾਹ-ਵਧਾਊ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ. ਐਮ. ਵੀ. ਵਾਈ. ਦੇ 2017 ਤੋਂ ਪੈਡਿੰਗ ਪਏ ਪੈਸੇ ਰਿਲੀਜ਼ ਕੀਤੇ ਜਾਣ ।

2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰ ਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ, ਸੁਪਰਵਾਈਜ਼ਰਾਂ, ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ, ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਕੇ 420 ਦੇ ਪਰਚੇ ਦਰਜ ਕਰਵਾਏ ਜਾਣ । ਮਹਿਕਮੇ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਖ਼ਾਲੀ ਪਈਆਂ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ, ਅੰਮ੍ਰਿਤਪਾਲ ਕੌਰ, ਸੁਖਵਿੰਦਰ ਕੌਰ ਸੰਗੂਧੌਣ, ਸੁਖਚਰਨ ਕੌਰ ਧਿਗਾਨਾ, ਉਰਮਿਲਾ ਦੋਦਾ, ਸੁਖਵਿੰਦਰ ਕੌਰ ਦੋਦਾ, ਇਕਬਾਲ ਕੌਰ ਲੁਹਾਰਾ, ਮੀਨਾਕਸ਼ੀ ਤੇ ਰਾਜਿੰਦਰ ਕੌਰ ਆਦਿ ਆਗੂ ਮੌਜੂਦ ਸਨ । ਇਸੇ ਦੌਰਾਨ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਫ਼ਦ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਇਕ ਹਿੱਸਾ ਹਨ ਤੇ ਸਰਕਾਰ ’ਤੇ ਦਬਾਅ ਬਣਾਉਣਗੇ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ ਨੂੰ ਤੁਰੰਤ ਮੰਨਿਆ ਜਾਵੇ । 


Manoj

Content Editor

Related News