ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਕੀਤਾ ਘਿਰਾਓ

07/31/2021 12:50:45 PM

ਮਲੋਟ (ਗੋਇਲ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਵੱਲੋਂ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਪਿੰਡ ਬਾਦਲ ਵਿਖੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪੁੱਜੇ। ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਤੇ ਏ.ਡੀ.ਓ. ਜਰਮਨਜੀਤ ਸਿੰਘ ਨੂੰ ਦਿੱਤਾ।

ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ,ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ। ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਐੱਨ.ਜੀ.ਓ. ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ।ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ। ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ। ਪੀ.ਐਮ.ਵੀ. ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਿਲੀਜ਼ ਕੀਤੇ ਜਾਣ।

2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ, ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ, ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ ਕਰਵਾਏ ਜਾਣ। ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ। ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ, ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਾ ਗਈਆਂ ਤਾਂ ਫੇਰ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਦੋ ਦਿਨ ਭੁੱਖ ਹੜਤਾਲ ਰੱਖੀ ਜਾਵੇਗੀ ਤੇ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਦਿੱਤੇ ਜਾਣਗੇ।ਇਸ ਮੌਕੇ ਕਿਰਨਜੀਤ ਕੌਰ ਭੰਗਚੜੀ , ਗੁਰਚਰਨ ਕੌਰ ਦਬੜਾ, ਰਾਜਵਿੰਦਰ ਕੌਰ ਮਲੋਟ, ਲਾਭ ਕੌਰ ਸੰਗਤ , ਪਰਮਜੀਤ ਕੌਰ ਰੁਲਦੂ ਵਾਲਾ , ਉਂਕਾਰ ਕੌਰ ਮਲੋਟ , ਬਲਜੀਤ ਕੌਰ ਮਲੋਟ , ਗੀਤਾਂ ਰਾਣੀ , ਸਵਰਨ ਔਲਖ , ਕੁਲਦੀਪ ਕੌਰ ਗੁਰੂਸਰ , ਸੁਰਜੀਤ ਕੌਰ ਸ਼ਾਮ ਖੇੜਾ , ਕੁਲਦੀਪ ਕੌਰ ਪੰਜਾਵਾ , ਕਮਲਜੀਤ ਕੌਰ ਸ਼ੇਰਾਂ ਵਾਲੀ , ਸਵਰਨਜੀਤ ਕੌਰ , ਬਿੰਦਰ ਜੀਤ ਕੌਰ , ਸੁਖਪਾਲ ਕੌਰ ਤੇ ਜਸਵੀਰ ਕੌਰ ਆਦਿ ਆਗੂ ਮੌਜੂਦ ਸਨ ।


Shyna

Content Editor

Related News