ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸੌਂਪਿਆ ਮੰਗ-ਪੱਤਰ

03/31/2022 11:13:51 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਆਂਗਣਵਾੜੀ ਵਰਕਰਜ਼ ਹੈਲਪਰਜ਼ ਵੈੱਲਫ਼ੇਅਰ ਐਸੋਸੀਏਸ਼ਨ (ਰਜਿ.) ਪੰਜਾਬ ਦੇ ਸੂਬਾਈ ਪ੍ਰਧਾਨ ਨਰਿੰਦਰ ਕੌਰ ਕਮਾਲਪੁਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਪ੍ਰਧਾਨ ਨਰਿੰਦਰ ਕੌਰ ਕਮਾਲਪੁਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੀਆਂ ਆ ਰਹੀਆਂ ਹਨ ਪਰ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਹੁਣ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮੰਗਾਂ ਤੇ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਬਿਜਲੀ ਦਰਾਂ ਲੈ ਕੇ ਕੀਤਾ ਵੱਡਾ ਐਲਾਨ, ਪੁਰਾਣੀਆਂ ਦਰਾਂ ਹੀ ਰਹਿਣਗੀਆਂ ਲਾਗੂ

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਆਸ ਬੱਝੀ ਹੈ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੁਣ ‘ਆਪ’ ਦੀ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ। ਇਸੇ ਉਮੀਦ ਨਾਲ ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭੇਟ ਕੀਤਾ ਹੈ। ਕਮਾਲਪੁਰ ਨੇ ਕਿਹਾ ਕਿ ਉਹ ਆਸ ਰੱਖਦੀਆਂ ਹਨ ਕਿ ਜਥੇਬੰਦੀ ਨਾਲ ਜਲਦ ਹੀ ਪੰਜਾਬ ਦੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ ਰਟੌਲਾਂ, ਨਸੀਬ ਕੌਰ ਗੁੱਜਰਾਂ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਕੌਰ ਖੇੜੀ, ਹਰਮੇਸ਼ ਕੌਰ ਲਹਿਰਾਗਾਗਾ ਜਨਰਲ ਸਕੱਤਰ, ਅੰਮ੍ਰਿਤਪਾਲ ਕੌਰ ਗੁੱਜਰਾਂ ਸਹਾਇਕ ਸਕੱਤਰ, ਕਮੇਟੀ ਮੈਂਬਰ ਦਰਸ਼ਨਾ ਦੇਵੀ ਗੁੱਜਰਾਂ ਤੇ ਨਰੇਸ਼ ਧੂਰੀ ਆਦਿ ਹਾਜ਼ਰ ਸਨ। 


Manoj

Content Editor

Related News