ਆਂਗਣਵਾੜੀ ਯੂਨੀਅਨ ਨੇ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਜ਼ੋਰਦਾਰ ਨਿੰਦਾ

07/02/2022 1:43:59 PM

ਭਗਤਾ ਭਾਈ (ਪਰਮਜੀਤ ਢਿੱਲੋਂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਦੀ ਕੋਈ ਯੋਜਨਾ ਨਹੀਂ ਹੈ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ/ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਵੋਟਾਂ ਲੈਣੀਆਂ ਸਨ ਤਾਂ ਉਸ ਵੇਲੇ ਆਗੂਆਂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਤਨਖ਼ਾਹਾਂ ਵਧਾਉਣ ਬਾਰੇ ਕਿਹਾ ਸੀ। 

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ‘ਆਪ’ ਦੇ ਮੰਤਰੀ ਅਜਿਹੇ ਬਿਆਨ ਦੇ ਰਹੇ ਹਨ। ਜਦੋਂ ਮਾਣ ਭੱਤੇ ਵਿਚ ਵਾਧਾ ਹੀ ਨਹੀਂ ਕਰਨਾ ਸੀ ਤਾਂ ਫੇਰ ਝੂਠੇ ਲਾਰੇ ਕਿਉਂ ਲਗਾਏ ਗਏ। ਉਨ੍ਹਾਂ ਕਿਹਾ ਕਿ ਐੱਨ.ਜੀ.ਓ. ਬਲਾਕਾਂ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ। ਕਰੈੱਚ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਸਾਲਾਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਦੋਂਕਿ ਬਜਟ ਆਇਆ ਪਿਆ ਹੈ। ਵਰਕਰਾਂ ਤੇ ਹੈਲਪਰਾਂ ਨੂੰ ਕੰਮ ਦੇ ਬਦਲੇ ਨਾ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਸਮਾਰਟ ਫ਼ੋਨ। ਉਨ੍ਹਾਂ ਨੂੰ ਧੱਕੇ ਨਾਲ ਇਹ ਕਿਹਾ ਜਾ ਰਿਹਾ ਹੈ ਕਿ ਤੁਸੀਂ ਪੋਸ਼ਣ ਟਰੈਕਰ ਐਪ ਬਣਾਓ। 

ਆਗੂਆਂ ਨੇ ਦੋਸ਼ ਲਗਾਇਆ ਕਿ ਮਹਿਕਮੇ ਦੀ ਮੰਤਰੀ ਦਾ ਕੋਈ ਧਿਆਨ ਹੀ ਨਹੀਂ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਸਰਕਾਰ ਜ਼ਿੰਮੇਵਾਰ ਹੋਵੇਗੀ।


rajwinder kaur

Content Editor

Related News