ਆਂਗਣਵਾੜੀ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਮੀਟਿੰਗ ''ਚ ਕੀਤੇ ਗਏ ਅਹਿਮ ਵਿਚਾਰ

05/26/2020 1:33:58 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਅੱਜ ਖੰਡੇ ਵਾਲੇ ਪਾਰਕ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਆਂਗਣਵਾੜੀ ਇੰਪਲਾਇਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਦੇਸ਼ ਭਰ 'ਚ 5 ਜੂਨ ਨੂੰ ਬਲਾਕ ਪੱਧਰ 'ਤੇ ਜੋ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਸ ਦੇ ਸਬੰਧ ਵਿਚ ਤਿਆਰੀ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਸਮਾਜਿਕ ਸੁਰੱਖਿਆ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਵਿਭਾਗੀ ਮੰਤਰੀ ਅਰੁਣਾ ਚੌਧਰੀ ਅਤੇ ਵਿਭਾਗ ਦੀ ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ। ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ਜਾਵੇ।

ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਜਿਹੜੇ 600 ਰੁਪਏ ਤੇ 300 ਰੁਪਏ ਕੱਟੇ ਹਨ, ਉਹ ਪੈਸੇ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਮਾਰਚ ਮਹੀਨੇ 'ਚ ਹੋਈ ਮੀਟਿੰਗ ਦੇ ਫੈਸਲੇ ਮੁਤਾਬਕ ਅਕਤੂਬਰ 2018 ਤੋਂ ਏਰੀਅਰ ਸਮੇਤ ਦਿੱਤੇ ਜਾਣ, ਪੋਸ਼ਣ ਮੁਹਿੰਮ ਦੇ ਅਪ੍ਰੈਲ 2018 ਤੋਂ ਰੁਕੇ ਹੋਏ ਪੈਸੇ ਦਿੱਤੇ ਜਾਣ, ਪ੍ਰਧਾਨ ਮੰਤਰੀ ਮਾਤਰਤਵ ਯੋਜਨਾ ਦੇ ਪੈਸੇ ਜੋ 2017 ਤੋਂ ਨਹੀ ਦਿੱਤੇ ਗਏ, ਦਿੱਤੇ ਜਾਣ, ਕਰੈਚ ਵਰਕਰਾਂ/ਹੈਲਪਰਾਂ ਦੀ ਦੋ ਸਾਲਾਂ ਤੋਂ ਰੁਕੀ ਹੋਈ ਤਨਖਾਹ ਦਿੱਤੀ ਜਾਵੇ ਤੇ ਸੂਬੇ ਦੀਆਂ ਸਾਰੀਆਂ ਵਰਕਰਾਂ/ਹੈਲਪਰਾਂ ਨੂੰ ਹਰ ਮਹੀਨੇ ਸਮੇਂ ਸਿਰ ਤਨਖਾਹਾਂ ਮੁਹੱਈਆ ਕਰਵਾਈਆਂ ਜਾਣ। ਇਸ ਮੀਟਿੰਗ ਦੌਰਾਨ ਵੱਖ-ਵੱਖ
ਬੁਲਾਰਿਆਂ ਨੇ ਸਮੇਂ ਦੀਆਂ ਸਰਕਾਰਾਂ ਤੇ ਦੋਸ਼ ਲਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ।ਇਸ ਸਮੇਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ 4 ਬਲਾਕਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਦੀਆਂ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਨ੍ਹਾਂ ਸਾਰੇ ਬਲਾਕਾਂ 'ਚ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇਕੱਤਰ ਕਰਕੇ ਰੋਸ ਪ੍ਰਦਰਸ਼ਨ ਕਰਨਗੀਆਂ। ਇਸ ਮੌਕੇ ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਕਿਰਨਪਾਲ ਕੌਰ ਮਹਾਂਬੱਧਰ, ਹਰਪ੍ਰੀਤ ਕੌਰ ਮੁਕਤਸਰ, ਸਰਬਜੀਤ ਕੌਰ ਕੌੜਿਆਂਵਾਲੀ, ਮਨਜੀਤ ਕੌਰ ਡੋਹਕ, ਰਜਿੰਦਰ ਕੌਰ ਮੁਕਤਸਰ, ਇਕਬਾਲ ਕੌਰ ਲੁਹਾਰਾ, ਚਰਨਜੀਤ ਕੌਰ, ਸੰਦੀਪ ਕੌਰ ਝੁੱਘੇ, ਪ੍ਰਭਜੋਤ ਕੌਰ ਰਣਜੀਤਗੜ ਅਤੇ ਕੁਲਵਿੰਦਰ ਕੌਰ ਗੋਨੇਆਣਾ ਆਦਿ ਆਗੂ ਮੌਜੂਦ ਸਨ।


Shyna

Content Editor

Related News