ਆਂਗਣਵਾੜੀ ਵਰਕਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

04/15/2018 10:27:05 AM

ਬਠਿੰਡਾ (ਸੁਖਵਿੰਦਰ)-ਮੰਗਾਂ ਸਬੰਧੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਵਿੱਤ ਮੰਤਰੀ ਦੇ ਦਫ਼ਤਰ ਸਾਹਮਣੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਦਿੰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਪਿਛਲੇ 76 ਦਿਨਾਂ ਤੋਂ ਵਿੱਤ ਮੰਤਰੀ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੇ ਹੋਏ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਅਜੇ ਤੱਕ ਹੱਲ ਨਹੀਂ ਕੀਤਾ ਗਿਆ। ਹੱਕੀ ਮੰਗਾਂ ਨੂੰ ਲੈ ਕੇ ਮਜਬੁਰਨ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਆਗੂਆਂ ਨੇ ਰੋਸ ਜਤਾਇਆ ਕਿ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਕਾਰਨ ਵਰਕਰਾਂ 'ਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤੇ ਜਾਵੇ, ਆਂਗਣਵਾੜੀ ਸੈਂਟਰਾਂ ਨੂੰ ਰਾਸ਼ਨ ਦੀ ਸਪਲਾਈ ਦਿੱਤੀ ਜਾਵੇ,ਵਰਕਰਾਂ/ਹੈਲਪਰਾਂ ਨੂੰ ਵਰਦੀਆਂ ਦੇ ਪੈਸੇ ਦਿੱਤੇ ਜਾਣ, ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਜਾਰੀ ਕੀਤਾ ਜਾਵੇ, ਐੱਨ. ਜੀ. ਓ. ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਦੇ ਅਧੀਨ ਲਿਆਂਦਾ ਜਾਵੇ, 3-6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਸੋਮਾ ਰਾਣੀ ਬਠਿੰਡਾ, ਕ੍ਰਿਪਾਲ ਕੌਰ ਭੂੰਦੜ, ਰੁਪਿੰਦਰ ਕੌਰ ਬਾਲਿਆ ਵਾਲੀ, ਅਮਰਜੀਤ ਕੌਰ ਮੰਡੀ ਕਲਾ, ਕਰਮਜੀਤ ਕੌਰ ਭੋਖੜਾ, ਕਰਮਜੀਤ ਕੌਰ ਝੰਡੂਕੇ, ਲੀਲਾਵੰਤੀ, ਸੁਖਦੇਵ ਕੌਰ ਬਠਿੰਡਾ, ਨਵਜੋਤ ਕੌਰ ਅਤੇ ਬਲਜੀਤ ਕੌਰ ਆਦਿ ਆਗੂ ਮੌਜੂਦ ਸਨ।