ਸਾਲਾਨਾ ਫੰਡ ਦੇ ਵਿਰੋਧ ''ਚ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ

Monday, Apr 25, 2022 - 04:09 PM (IST)

ਫਿਰੋਜ਼ਪੁਰ (ਕੁਮਾਰ) : ਵਿਦਿਆਰਥੀਆਂ ਦੇ ਮਾਪਿਆਂ ਅਤੇ ਸ਼ਹਿਰ ਵਾਸੀਆਂ ਨੇ ਚੇਅਰਮੈਨ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ, ਪ੍ਰਧਾਨ ਪ੍ਰਦੀਪ ਸ਼ਰਮਾ, ਸੰਜੀਵ ਨਰੂਲਾ, ਵਿਪਨ ਕੱਕੜ ਆਦਿ ਦੀ ਅਗਵਾਈ ਹੇਠ ਸ਼ਹਿਰ ਦੇ ਐੱਚ. ਐੱਮ. ਡੀ. ਏ. ਵੀ. ਪਬਲਿਕ ਸਕੂਲ ਦੇ ਬਾਹਰ ਅਤੇ ਬਾਅਦ ਵਿਚ ਸ਼ਹੀਦ ਊਧਮ ਸਿੰਘ ਚੌਕ 'ਚ ਰੋਸ ਧਰਨਾ ਲਾਇਆ ਤੇ ਸਕੂਲ 'ਤੇ ਗੰਭੀਰ ਦੋਸ਼ ਲਗਾਉਂਦਿਆਂ ਸਕੂਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਨਜਿੰਦਰ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੋਸ਼ ਲਾਇਆ ਕਿ ਇਸ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਾਲਾਨਾ ਫੰਡ ਅਤੇ ਫੀਸਾਂ ਨੂੰ ਲੈ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਥਿਤ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਮਰਸ਼ੀਅਲ ਪ੍ਰਾਪਰਟੀ ਟੈਕਸ ਭਰਨ 'ਚ ਹੋ ਰਹੀ ਭਾਰੀ ਗੜਬੜੀ, ਕਾਰੋਬਾਰੀ ਦੇ ਰਹੇ ਬਹੁਤ ਘੱਟ ਟੈਕਸ

ਉਨ੍ਹਾਂ ਕਿਹਾ ਕਿ ਜਦੋਂ ਕੋਈ ਮਾਤਾ-ਪਿਤਾ ਆਪਣੇ ਬੱਚੇ ਦਾ ਟਰਾਂਸਫਰ ਸਰਟੀਫਿਕੇਟ ਲੈਣ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਾਲਾਨਾ ਫੰਡ ਅਤੇ ਫੀਸ ਜਮ੍ਹਾ ਕਰਵਾਉਣ ਲਈ ਕਿਹਾ ਜਾਂਦਾ ਹੈ ਅਤੇ ਜਿਨ੍ਹਾਂ ਬੱਚਿਆਂ ਦੇ ਅਗਲੇ 2 ਦਿਨਾਂ 'ਚ ਪੇਪਰ ਹਨ, ਉਨ੍ਹਾਂ ਦੇ ਰੋਲ ਨੰਬਰ ਇਸ ਲਈ ਰੋਕ ਲਏ ਗਏ ਹਨ ਕਿ ਪਹਿਲਾਂ ਤੋਂ ਹੀ ਸਾਲਾਨਾ ਫੰਡ ਦਫ਼ਤਰ ਵਿੱਚ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਸਾਲਾਨਾ ਫੰਡ ਜਮ੍ਹਾ ਨਾ ਕਰਵਾਉਣ 'ਤੇ ਬੱਚਿਆਂ ਨੂੰ ਪ੍ਰਮੋਟ ਨਹੀਂ ਕੀਤਾ ਜਾ ਰਿਹਾ, ਜਦੋਂ ਕਿ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਹੁਕਮ ਦਿੱਤੇ ਗਏ ਹਨ ਕਿ ਕੋਈ ਵੀ ਸਕੂਲ ਸਾਲਾਨਾ ਫੰਡ ਨੂੰ ਲੈ ਕੇ ਰੋਲ ਨੰਬਰ ਅਤੇ ਉਨ੍ਹਾਂ ਦੇ ਟਰਾਂਸਫਰ ਸਰਟੀਫਿਕੇਟ ਨਹੀਂ ਰੋਕ ਸਕਦੇ ਤੇ ਨਾ ਹੀ ਬੱਚਿਆਂ ਨੂੰ ਪ੍ਰਮੋਟ ਕਰਨ ਤੋਂ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ

ਉਨ੍ਹਾਂ ਦੋਸ਼ ਲਾਇਆ ਕਿ ਫਿਰੋਜ਼ਪੁਰ ਦੇ ਸਿੱਖਿਆ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਅੱਖਾਂ, ਕੰਨ ਅਤੇ ਜ਼ੁਬਾਨ ਬੰਦ ਕਰਕੇ ਬੈਠੇ ਹਨ। ਉਨ੍ਹਾਂ ਮੰਗ ਕੀਤੀ ਕਿ ਬੱਚਿਆਂ ਦੇ ਟਰਾਂਸਫਰ ਸਰਟੀਫਿਕੇਟ ਤੁਰੰਤ ਜਾਰੀ ਕੀਤੇ ਜਾਣ ਅਤੇ ਜਿਨ੍ਹਾਂ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਦਿੱਤੇ ਗਏ ਹਨ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਤੁਰੰਤ ਰੋਲ ਨੰਬਰ ਦਿੱਤੇ ਜਾਣ ਅਤੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਵੇ। ਚੇਅਰਮੈਨ ਮਨਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸਕੂਲ 'ਚ ਟੀ. ਸੀ. ਜਾਂ ਰੋਲ ਨੰਬਰ ਲੈਣ ਗਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੇਇੱਜ਼ਤ ਕੀਤਾ ਜਾਂਦਾ ਹੈ, ਜੋ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਟ੍ਰੈਫਿਕ ਜਾਮ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸ਼ਹਿਰ ਧੂਰੀ 'ਚ ਚੱਲੀ ਗੋਲੀ, 3 ਮੋਟਰਸਾਈਕਲ ਸਵਾਰ ਲੁਟੇਰਿਆਂ ਦੁਕਾਨਦਾਰ ਕੋਲੋਂ ਲੁੱਟੇ 80 ਹਜ਼ਾਰ

ਦੂਜੇ ਪਾਸੇ ਜਦ ਐੱਚ. ਐੱਮ. ਡੀ. ਏ. ਵੀ. ਪਬਲਿਕ ਸਕੂਲ ਦੇ ਪ੍ਰਿੰਸੀਪਲ ਦਾ ਪੱਖ ਜਾਣਨ ਲਈ ਉਨ੍ਹਾਂ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ ਅਤੇ ਦੂਜੀ ਵਾਰ 'ਮੈਂ ਮੀਟਿੰਗ ਵਿੱਚ ਹਾਂ' ਦਾ ਮੈਸੇਜ ਭੇਜ ਕੇ ਫੋਨ ਕੱਟ ਦਿੱਤਾ, ਜਿਸ ਕਾਰਨ ਉਨ੍ਹਾਂ 'ਤੇ ਲੱਗੇ ਦੋਸ਼ਾਂ ਸਬੰਧੀ ਉਸ ਦਾ ਪੱਖ ਨਹੀਂ ਲਿਆ ਜਾ ਸਕਿਆ।


Anuradha

Content Editor

Related News