ਨਸ਼ਿਆਂ ਖ਼ਿਲਾਫ਼ ਬਣਾਈ ਕਮੇਟੀ ਦਾ ਵੱਡਾ ਫ਼ੈਸਲਾ, ਨਸ਼ਾ ਵੇਚਣ ਵਾਲਿਆਂ ਨੂੰ ਕਰੇਗੀ ਪੁਲਸ ਦੇ ਹਵਾਲੇ

05/20/2022 5:04:13 PM

ਮਾਨਸਾ (ਚਾਹਲ) : ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਮਾਨਸਾ ਦੇ ਵਾਰਡ ਨੰਬਰ 6 ਦੇ ਵਾਸੀਆਂ ਨੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ੇ ਦੇ ਖਾਤਮੇ ਲਈ 11 ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਜਿਥੇ ਨਸ਼ਾ ਵੇਚਣ ਵਾਲਿਆਂ ਨੂੰ ਪੁਲਸ ਦੇ ਹਵਾਲੇ ਕਰੇਗੀ, ਉੱਥੇ ਹੀ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਵੀ ਮਦਦ ਕਰੇਗੀ।

ਇਹ ਵੀ ਪੜ੍ਹੋ : ਸ਼ਰਾਬ ਨੂੰ MRP ’ਤੇ ਵੇਚਣ ਦੇ ਰੌਂਅ ’ਚ ਪੰਜਾਬ ਸਰਕਾਰ, ਨਵੀਂ ਆਬਕਾਰੀ ਨੀਤੀ ’ਚ ਹੋ ਸਕਦੈ ਐਲਾਨ (ਵੀਡੀਓ)

ਇਸ ਲਈ ਐੱਸ. ਐੱਸ. ਪੀ. ਗੌਰਵ ਤੂਰਾ ਨੇ ਕਮੇਟੀ ਦੇ ਉਪਰਾਲੇ ਦਾ ਸਵਾਗਤ ਕਰਦਿਆਂ ਹੋਰ ਕੌਂਸਲਰਾਂ ਨੂੰ ਵੀ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਵਾਰਡ ਨੰਬਰ 6 ਦੇ ਨਿਵਾਸੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਗਠਿਤ ਕੀਤੀ 11 ਮੈਂਬਰੀ ਕਮੇਟੀ ਦੇ ਮੈਂਬਰ ਕੌਂਸਲਰ ਅਮਨਦੀਪ ਸਿੰਘ ਅਤੇ ਰਣਵੀਰ ਸਿੰਘ ਨੇ ਦੱਸਿਆ ਕਿ ਸਾਡੇ ਵਾਰਡ ’ਚ ਕਈ ਥਾਵਾਂ ’ਤੇ ਗ਼ੈਰ-ਕਾਨੂੰਨੀ ਨਸ਼ਾ ਵਿਕਦਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਸਮੂਹ ਵਾਰਡ ਵਾਸੀਆਂ ਵੱਲੋਂ 11 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਨਸ਼ੇ ਵੇਚਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ’ਚ ਮਦਦ ਕਰੇਗੀ।

ਇਹ ਵੀ ਪੜ੍ਹੋ : CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ

ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਡੀ. ਸੀ. ਮਾਨਸਾ ਤੇ ਐੱਸ. ਐੱਸ. ਪੀ. ਮਾਨਸਾ ਨਾਲ ਵੀ ਗੱਲ ਕੀਤੀ ਹੈ, ਜਿਨ੍ਹਾਂ ਨੇ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਸਾਡੀ ਕਮੇਟੀ ਨਾਲ ਸੰਪਰਕ ਕਰ ਸਕਦਾ ਹੈ ਤੇ ਕਮੇਟੀ ਵੱਲੋਂ ਉਸ ਦਾ ਇਲਾਜ ਕਰਵਾਇਆ ਜਾਵੇਗਾ। ਵਾਰਡ ਵਾਸੀ ਜੀਤ ਸਿੰਘ ਨੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰ ਲੋਕਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰੀ ਦੁੱਖ਼ਦਾਈ ਘਟਨਾ, ਭਾਖੜਾ ਨਹਿਰ ’ਚ ਡੁੱਬਣ ਨਾਲ ਦੋ ਦੋਸਤਾਂ ਦੀ ਹੋਈ ਮੌਤ
 

Manoj

This news is Content Editor Manoj