ਸਰਹਿੰਦ ਨਗਰ ਕੌਂਸਲ ਚੋਣਾਂ ਦੌਰਾਨ ਭਖਿਆ ਮਾਹੌਲ, ਪੁਲਸ ਨੇ ਸੰਭਾਲਿਆ ਮੋਰਚਾ
Tuesday, May 26, 2026 - 07:24 PM (IST)
ਫਤਹਿਗੜ੍ਹ ਸਾਹਿਬ (ਬਿਪਿਨ ਭਾਰਦਵਾਜ) : ਸਰਹਿੰਦ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਬੂਥ ਨੰਬਰ 19, 20 ਅਤੇ 21 ‘ਤੇ ਉਸ ਸਮੇਂ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਵੋਟਾਂ ਪਵਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਤਲਖੀ ਹੋ ਗਈ। ਦੋਵਾਂ ਧਿਰਾਂ ਵੱਲੋਂ ਇਕ ਦੂਜੇ ‘ਤੇ ਦੋਸ਼ ਲਗਾਏ ਜਾਣ ਕਾਰਨ ਮੌਕੇ ‘ਤੇ ਗਹਿਮਾ-ਗਹਿਮੀ ਦਾ ਮਾਹੌਲ ਬਣ ਗਿਆ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਦਖਲ ਦੇ ਕੇ ਸਥਿਤੀ ਨੂੰ ਸ਼ਾਂਤ ਕਰਵਾਇਆ।
ਮੌਕੇ ‘ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਦੋਵਾਂ ਪੱਖਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਕੀਤਾ। ਇਸ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਤਾਂ ਜੋ ਵੋਟਿੰਗ ਦੀ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਫਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਨੇ ਦੱਸਿਆ ਕਿ ਵੋਟਿੰਗ ਦੌਰਾਨ ਉਮੀਦਵਾਰਾਂ ਵੱਲੋਂ ਪੋਲਿੰਗ ਬੂਥ ਦੇ ਅੰਦਰ ਜਾਣ ਨੂੰ ਲੈ ਕੇ ਇਕ ਦੂਜੇ ਉੱਤੇ ਇਲਜ਼ਾਮ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਕਰ ਲਿਆ ਗਿਆ ਹੈ।
ਉਨ੍ਹਾਂ ਹੋਰ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣਾ ਪੁਲਸ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਗੈਰ ਕਾਨੂੰਨੀ ਗਤੀਵਿਧੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਡੀਐੱਸਪੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
