ਬਾਦਲ ਵੱਲੋਂ ਰਣਜੀਤ ਸਿੰਘ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਨਾਂਹ

04/18/2018 1:17:07 PM

ਚੰਡੀਗੜ੍ਹ—ਪੰਜਾਬ 'ਚ ਗੁਰੂ ਗ੍ਰੰਥ ਸਾਹਿਬ 'ਤੇ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕੈਪਟਨ ਸਰਕਾਰ ਦੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਵੱਲੋਂ ਕੀਤੀ ਜਵਾਬ ਤਲਬੀ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤਿੱਖਾ ਪ੍ਰਤੀਕਰਮ ਪ੍ਰਗਟਾਇਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਜਾਂਚ ਕਮਿਸ਼ਨ ਵੱਲੋਂ ਚਿੱਠੀ ਲਿਖ ਕੇ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਜਵਾਬ ਦੇਣ ਲਈ ਕਿਹਾ ਗਿਆ ਹੈ। ਕਮਿਸ਼ਨ ਦੀ ਚਿੱਠੀ ਦਾ ਜਵਾਬ ਦੇਣ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਮਿਸ਼ਨ ਦੇ ਮੁਖੀ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ 'ਤੇ ਨਿਸ਼ਾਨਾ ਸਾਧਿਆ ਗਿਆ ਹੈ। ਸ੍ਰੀ ਬਾਦਲ ਨੇ ਜਾਂਚ ਕਮਿਸ਼ਨ ਦੇ ਮੁਖੀ ਵਜੋਂ ਤੁਰੰਤ ਲਾਂਭੇ ਹੋਣ ਲਈ ਕਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਇਕ ਬਿਆਨ ਰਾਹੀਂ ਨਿਸ਼ਾਨਾ ਸੋਧਿਆ 'ਤੇ ਕਿਹਾ ਕਿ ਕਮਿਸ਼ਨ ਦੇ ਮੁਖੀ ਨੂੰ ਪੇਸ਼ੇ ਦੀ ਮਰਿਆਦਾ ਰੱਖਣੀ ਚਾਹੀਦੀ ਹੈ 'ਤੇ ਇਕ ਪਾਰਟੀਆਂ ਦੀਆਂ ਸਿਆਸੀ ਖਾਹਿਸ਼ਾਂ ਤਹਿਤ ਕੰਮ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੂੰ ਕਾਂਗਰਸ ਅਤੇ ਪੰਜਾਬ ਅੰਦਰ ਇਸ ਦੀ ਸਰਕਾਰ ਦੇ ਸਿੱਖ ਵਿਰੋਧੀ ਏਜੰਡੇ ਦਾ ਹਿੱਸਾ ਨਹੀਂ ਬਣਨਾ ਚਾਹੀਦਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਿੱਖ ਵਿਰੋਧੀ ਏਜੰਡੇ ਤਹਿਤ ਨਿਆ ਪਾਲਿਕਾ ਦੇ ਵੱਕਾਰੀ ਨਾਂ ਦੀ ਦੁਰਵਰਤੋਂ ਕਰ ਰਹੀ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਮਿਸ਼ਨ ਦਾ ਮੁੱਖ ਮੰਤਵ ਕਾਂਗਰਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਸਿੱਖ ਜਥੇਬੰਦੀਆਂ ਅਤੇ ਸੰਗਠਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਸਿੱਖ ਭਾਈਚਾਰੇ ਅੰਦਰ ਭੰਬਲਭੂਸਾ ਖੜ੍ਹਾ ਕਰਨ ਦੀ ਆਪਣੀ ਸਿਆਸੀ ਚਾਲ ਨੂੰ ਕਾਨੂੰਨੀ ਚੋਲਾ ਪਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਮਿਸ਼ਨ ਦੀ ਰਿਪੋਰਟ ਕਮਿਸ਼ਨ ਕਾਇਮ ਕੀਤੇ ਜਾਣ ਤੋਂ ਪਹਿਲਾਂ ਹੀ ਤਿਆਰ ਹੋ ਗਈ ਸੀ। ਹੁਣ ਤਾਂ ਇਸ ਰਿਪੋਰਟ 'ਤੇ ਦਸਤਖਤ ਕਰਨ ਦੀ ਰਸਮੀ ਕਾਰਵਾਈ ਹੋਣੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੀ ਹੈਸੀਅਤ 'ਚ ਉਨ੍ਹਾਂ ਜਾਂ ਅਕਾਲੀ ਦਲ ਨੂੰ ਇਸ ਕਮਿਸ਼ਨ ਦੀ ਕਾਰਵਾਈ ਦਾ ਹਿੱਸਾ ਬਣਨ ਦੀ ਕੋਈ ਲੋੜ ਨਹੀਂ ਜਾਪਦੀ। ਸ੍ਰੀ ਬਾਦਲ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਪਾਰਟੀ ਦੀ ਸਰਕਾਰ ਨੇ ਨਿਯੁਕਤ ਕੀਤਾ ਹੈ, ਜਿਸ ਦੇ ਹੱਥ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਖੂਨ ਨਾਲ ਰੰਗੇ ਹਨ।  ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਨਿਆ ਪਾਲਿਕਾ 'ਚ ਪੂਰਾ ਭਰੋਸਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਗੁਰੂ ਗ੍ਰੰਥ ਸਾਹਿਬ ਅਤੇ ਦੂਜੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਲਈ ਸੁਪਰੀਮ ਕੋਰਟ ਦੇ ਕਿਸੇ ਮੌਜੂਦ ਜੱਜ ਦੀ ਅਗਵਾਈ ਹੇਠ ਬਣਾਏ ਤਾਂ ਅਕਾਲੀ ਦਲ ਕਿਸੇ ਸੁਤੰਤਰ ਕਮਿਸ਼ਨ ਨੂੰ ਪੂਰਾ ਸਹਿਯੋਗ ਦੇਣਗੇ। ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਇਸ ਦੀਆਂ ਸਰਕਾਰਾਂ ਨੇ ਆਪਣੀ ਸਰਕਾਰ ਮਸ਼ੀਨਰੀ ਦੀ ਵਰਤੋਂ ਰਾਹੀ ਹਮੇਸ਼ਾਂ ਹੀ ਆਪਣਾ ਸਿੱਖ-ਵਿਰੋਧੀ ਏਜੰਡਾ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ।


Related News