ਅਜੋਕੇ ਦੌਰ ''ਚ ਸਿਹਤ ਹੀ ਸਭ ਤੋਂ ਵੱਡਾ ਸਰਮਾਇਆ : ਸਿੱਧੂ

11/16/2019 11:35:19 PM

ਮੋਹਾਲੀ(ਪਰਦੀਪ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੀ ਭਲਾਈ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਦੁਸਹਿਰਾ ਗਰਾਊਂਡ ਵਿਚ ਕੈਂਸਰ ਜਾਂਚ ਕੈਂਪ ਲਾਇਆ ਗਿਆ, ਜਿਸ ਵਿਚ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇ ਭੱਜ ਦੌੜ ਵਾਲੇ ਦੌਰ ਵਿਚ ਸਿਹਤ ਹੀ ਸਾਡਾ ਸਭ ਤੋਂ ਵੱਡਾ ਸਰਮਾਇਆ ਹੈ। ਜੇ ਬੰਦੇ ਦੀ ਸਿਹਤ ਚੰਗੀ ਹੈ ਤਾਂ ਉਸ ਨੂੰ ਆਪਣੀ ਮੰਜ਼ਿਲ ਉਤੇ ਪੁੱਜਣ ਤੋਂ ਕੋਈ ਨਹੀਂ ਰੋਕ ਸਕਦਾ।
ਇਸ ਮੌਕੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੰਸਥਾ ਦੇ ਕੁਲਵੰਤ ਧਾਲੀਵਾਲ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਮੈਡੀਕਲ ਸਹੂਲਤਾਂ ਲਈ ਕੰਮ ਕਰ ਰਹੀਆਂ ਚੈਰੀਟੇਬਲ ਸੰਸਥਾਵਾਂ ਨੂੰ ਵੀ ਦਾਨ ਦੇਣ ਤਾਂ ਕਿ ਕੁੱਲ ਲੋਕਾਈ ਦਾ ਭਲਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਖਾਣ ਪੀਣ ਦੀਆਂ ਆਦਤਾਂ ਸੁਧਾਰਨ ਅਤੇ ਸੈਰ ਵੱਲ ਧਿਆਨ ਦੇਣ ਲਈ ਕਿਹਾ। ਕੈਂਪ ਦੌਰਾਨ ਕਾਂਗਰਸ ਕਮੇਟੀ ਮੋਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਅਤੇ ਐੱਮ. ਡੀ. ਵਰਲਡ ਕੈਂਸਰ ਕੇਅਰ ਸੰਸਥਾ ਦੇ ਡਾ. ਧਰਮਿੰਦਰ ਢਿੱਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਔਰਤਾਂ ਤੇ ਮਰਦਾਂ 'ਚ ਕੈਂਸਰ ਦੀ ਜਾਂਚ, ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀ. ਐੱਸ. ਏ. ਟੈਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਔਰਤਾਂ ਤੇ ਮਰਦਾਂ ਦੇ ਬਲੱਡ ਕੈਂਸਰ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਤੋਂ ਕਰਨ ਇਲਾਵਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ, ਬਲਾਕ ਕਾਂਗਰਸ ਕਮੇਟੀ ਦਿਹਾਤੀ ਮੋਹਾਲੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਡਾਇਰੈਕਟਰ ਜ਼ਿਲਾ ਸਹਿਕਾਰੀ ਬੈਂਕ ਅਮਰਜੀਤ ਸਿੰਘ ਜੀਤੀ ਸਿੱਧੂ, ਜਗਰੂਪ ਸਿੰਘ ਢੋਲ ਕੁਰੜੀ, ਕਰਮਜੀਤ ਸਿੰਘ ਬਿੱਟੂ, ਰਾਜਿੰਦਰ ਸਿੰਘ ਰਾਣਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਹਾਲੀ ਅਤੇ ਮੌਜੂਦਾ ਕੌਂਸਲਰ ਅਤੇ ਨਿਰਮਲ ਕੌਸ਼ਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।


Related News