ਬਲਵਿੰਦਰ ਸਿੰਘ ਪਟਵਾਰੀ ਵੱਲੋਂ ਪਾਰਟੀ ਆਗੂਆਂ, ਵਰਕਰਾਂ ਤੇ ਲੋਕਾਂ ਨਾਲ ਤਾਲਮੇਲ ਦੀ ਮੁਹਿੰਮ ਜਾਰੀ
Monday, Oct 26, 2026 - 06:29 PM (IST)
ਬੁਢਲਾਡਾ ਅਕਤੂਬਰ (ਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਹਰ ਆਗੂ ਵਰਕਰ ਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਬੁਢਲਾਡਾ ਦੇ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਉਨ੍ਹਾਂ ਨੇ ਹਲਕੇ ਦੇ ਪਿੰਡ ਗੜੱਦੀ ਵਿਖੇ ਸਰਕਲ ਪ੍ਰਧਾਨ ਜਥੇਦਾਰ ਰਮਨਦੀਪ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਥੇਦਾਰ ਰਮਨਦੀਪ ਸਿੰਘ ਗੜੱਦੀ ਅਤੇ ਹੋਰ ਸਾਥੀਆਂ ਵੱਲੋਂ ਬਲਵਿੰਦਰ ਸਿੰਘ ਪਟਵਾਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਦੌਰਾਨ ਜਥੇਦਾਰ ਰਮਨਦੀਪ ਸਿੰਘ ਗੜੱਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜਿਸ ਦੀਆਂ ਜੜ੍ਹਾਂ ਸੂਬੇ ਦੇ ਲੋਕਾਂ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਅਹਿਮ ਭੂਮਿਕਾ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੇ ਵਿਚਾਰਾਂ ਅਤੇ ਸਮੱਸਿਆਵਾਂ ਨੂੰ ਸਮਝਣਾ ਪਾਰਟੀ ਦੀ ਪਹਿਲ ਹੈ। ਬਲਵਿੰਦਰ ਸਿੰਘ ਪਟਵਾਰੀ ਨੇ ਜਥੇਦਾਰ ਰਮਨਦੀਪ ਸਿੰਘ ਗੜੱਦੀ ਅਤੇ ਸਮੂਹ ਸਾਥੀਆਂ ਵੱਲੋਂ ਕੀਤੇ ਨਿੱਘੇ ਸਵਾਗਤ ਅਤੇ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦਾ ਪਿਆਰ ਅਤੇ ਸਹਿਯੋਗ ਹੀ ਪਾਰਟੀ ਦੀ ਅਸਲ ਤਾਕਤ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਂਝੇ ਯਤਨਾਂ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐਸ.ਸੀ. ਵਿੰਗ ਦੇ ਪ੍ਰਧਾਨ ਜੀਤ ਸਿੰਘ ਸਾਬਕਾ ਸਰਪੰਚ, ਸੋਹਣੇ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
