ਗਣਤੰਤਰ ਦਿਵਸ ਮੌਕੇ ਬਰਨਾਲਾ ''ਚ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲਹਿਰਾਇਆ ਤਿਰੰਗਾ

01/27/2020 4:32:06 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਵਿਖੇ 71ਵਾਂ ਗਣਤੰਤਰ ਦਿਵਸ ਸਥਾਨਕ ਬਾਬਾ ਕਾਲਾ ਮਹਿਰ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਸ਼ਾਨੋਂ-ਸ਼ੌਕਤ ਨਾਲ ਮਨਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਉਪ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਦੇ ਬਾਰੇ ਦੇਖੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ 'ਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਵਿਕਾਸ ਦੀ ਨਵੀਂ ਇਬਾਰਤ ਲਿਖ ਰਹੀ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਮਾਣ, ਸ਼ਾਨ ਅਤੇ ਤਰੱਕੀ ਲਈ ਅਨੇਕ ਹੰਭਲੇ ਮਾਰੇ ਹਨ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਦੀ ਸੰਗਤ ਨੇ 5 ਤੋਂ 12 ਨਵੰਬਰ 2019 ਤੱਕ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬੜੇ ਉਤਸ਼ਾਹ ਨਾਲ ਮਨਾਇਆ। 550ਵੇਂ ਪ੍ਰਕਾਸ਼ ਪੁਰਬ ਮੌਕੇ 70 ਲੱਖ ਸੰਗਤ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਈ। 9 ਨਵੰਬਰ ਨੂੰ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦਾ ਕੌਮਾਂਤਰੀ ਲਾਂਘਾ ਖੁੱਲ੍ਹਣ ਦੀ ਇਤਿਹਾਸਕ ਪ੍ਰਾਪਤੀ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਨਾਲ ਪੰਜਾਬੀਆਂ ਦੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰਨ ਲਈ 271 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ। ਸੂਬੇ ਵਿਚ 55 ਹਜ਼ਾਰ ਕਰੋੜ ਰੁਪਏ ਤੋਂ ਉੱਪਰ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਸਾਡਾ ਪੰਜਾਬ ਤਰੱਕੀ ਦੀ ਰਾਹ ਪਿਆ ਹੈ। ਸੂਬੇ ਅੰਦਰ ਆਸ਼ੀਰਵਾਦ ਸਕੀਮ ਤਹਿਤ ਡੇਢ ਲੱਖ ਤੋਂ ਵੱਧ ਲੜਕੀਆਂ ਦੇ ਵਿਆਹ ਮੌਕੇ 302 ਕਰੋੜ ਰੁਪਏ ਦਿੱਤੇ ਗਏ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 2.2 ਕਰੋੜ ਰੁਪਏ ਨਾਲ ਮੁਫ਼ਤ ਸਿਹਤ ਬੀਮਾ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹਰੇ-ਭਰੇ ਪੰਜਾਬ ਲਈ ਹੁਣ ਤੱਕ 76 ਲੱਖ ਬੂਟੇ ਲਾਏ ਜਾ ਚੁੱਕੇ ਹਨ ਅਤੇ ਅਪ੍ਰੈਲ, 2017 ਤੋਂ ਬਾਅਦ ਸੂਬੇ ਦੇ ਹਰਿਆਲੀ ਖੇਤਰ 'ਚ ਇਕ ਹਜ਼ਾਰ 363 ਹੈਕਟੇਅਰ ਦਾ ਵਾਧਾ ਹੋਇਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ 23.90 ਲੱਖ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਮਿਲ ਰਹੀ ਹੈ ਅਤੇ 11 ਲੱਖ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ., ਮਾਰਚ ਪਾਸਟ ਅਤੇ ਸੱਭਿਆਚਾਰਕ ਪੇਸ਼ਕਾਰੀ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਲੋਂ 15 ਝਾਕੀਆਂ ਕੱਢੀਆਂ ਗਈਆਂ, ਜਿਨ੍ਹਾਂ ਵਿਚੋਂ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਤਿਆਰ ਕੀਤੀ ਗਈ ਝਾਕੀ 'ਬੇਟੀ ਬਚਾਓ ਬੇਟੀ ਪੜਾਓ' ਅਤੇ ਮਹਿਕਮੇ ਨਾਲ ਸਬੰਧਤ ਹੋ ਸਕੀਮਾਂ ਪ੍ਰਗਟ ਕਰਦੀ ਝਾਕੀ ਪਹਿਲੇ ਸਥਾਨ 'ਤੇ ਰਹੀ। ਇਸ ਮੌਕੇ ਕੁੱਲ 30 ਸੁਤੰਤਰਤਾ ਸੰਗਰਾਮੀਆਂ/ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਗਰੀਬ ਤੇ ਜ਼ਰੂਰਤਮੰਦ 30 ਲਾਭਪਾਤਰੀਆਂ ਨੂੰ ਸਿਲਾਈ ਮਸ਼ੀਨਾਂ ਅਤੇ 4 ਨੂੰ ਟਰਾਈ ਸਾਇਕਲ ਅਤੇ ਡੈਪੋ ਮੁਹਿੰਮ ਵਿਚ ਵਧੀਆ ਯੋਗਦਾਨ ਦੇਣ ਵਾਲੇ 42 ਵਿਅਕਤੀਆਂ ਦਾ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਤੇ ਵਧੀਆ ਡਿਊਟੀ ਕਰਨ ਵਾਲੀਆਂ 37 ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਐੱਸ.ਐੱਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗ, ਸਹਾਇਕ ਕਪਤਾਨ ਪੁਲਸ ਮਿਸ ਪ੍ਰਗਿਆ ਜੈਨ, ਵਧੀਕ ਜ਼ਿਲਾ ਤੇ ਸ਼ੈਸਨ ਜੱਜ ਸ੍ਰੀ ਅਰੁਣ ਗੁਪਤਾ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਸ੍ਰੀ ਲਲਿਤ ਕੁਮਾਰ ਸਿੰਗਲਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਬਰਜਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਜਿੰਦਲ, ਡੀ.ਡੀ.ਪੀ.ਓ. ਸੰਜੀਵ ਸ਼ਰਮਾ ਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।


Baljeet Kaur

Content Editor

Related News