285 ਸਾਲ ਪੁਰਾਣੇ ਸਰੋਵਰ ਦੇ ਪੁਨਰ ਨਿਰਮਾਣ ਦਾ ਲੌਂਗੋਵਾਲ ਵੱਲੋਂ ਉਦਘਾਟਨ

01/21/2019 3:00:06 PM

ਬਰਨਾਲਾ (ਪੁਨੀਤ)— ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਚ 285 ਸਾਲ ਪੁਰਾਣੇ ਸਰੋਵਰ ਦਾ ਪੁਨਰ ਨਿਰਮਾਣ ਕਰਵਾਇਆ ਗਿਆ, ਜਿਸ ਦਾ ਉਦਘਾਟਨ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤਾ ਗਿਆ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੌਂਗੋਵਾਲ ਨੇ ਕਿਹਾ ਕਿ ਇਹ ਤਪ ਅਸਥਾਨ ਸਿੱਖਾਂ ਲਈ ਬਹੁਤ ਮਹੱਤਵ ਰੱਖਦਾ ਹੈ। ਉਥੇ ਹੀ ਉਨ੍ਹਾਂ ਨੇ ਕਰਤਾਰਪੁਰ ਲਾਂਘੇ 'ਤੇ ਬੋਲਦੇ ਹੋਏ ਕਿਹਾ ਕਿ ਸਿੱਖਾਂ ਲਈ ਇਹ ਲਾਂਘਾ ਬਹੁਤ ਮਹੱਤਵ ਰੱਖਦਾ ਹੈ ਅਤੇ ਦੋਵਾਂ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਸਰਕਾਰ ਦੇ ਕਾਰਨ ਹੀ ਇਹ ਸਭ ਸੰਭਵ ਹੋਇਆ ਹੈ ਅਤੇ ਇਸ ਲਾਂਘੇ ਲਈ ਭਾਰਤ ਵੱਲੋਂ ਵੀ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਏਗਾ। ਇਸ ਗੱਲ ਦੀ ਤਸੱਲੀ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਹੈ।

1984 ਕਤਲੇਆਮ ਵਿਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਫੂਲਕਾ ਨੂੰ ਐੱਸ.ਜੀ.ਪੀ.ਸੀ. ਵੱਲੋਂ ਸਨਮਾਨ ਕਰਨ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਕੇਸ ਵਿਚ ਸ਼ਾਮਲ ਸਾਰੇ ਵਕੀਲਾਂ ਨੂੰ ਆਉਣ ਵਾਲੀ 26 ਜਨਵਰੀ ਨੂੰ ਦਰਬਾਰ ਸਾਹਿਬ ਵਿਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਨਮਾਨਿਤ ਕੀਤਾ ਜਾਏਗਾ। 'ਆਪ' ਸੰਸਦ ਮੈਂਬਰ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਮੁੱਦੇ 'ਤੇ ਲੌਂਗੋਵਾਲ ਨੇ ਕਿਹਾ ਕਿ ਭਗਵੰਤ ਮਾਨ ਨੇ ਸ਼ਰਾਬ ਛੱਡ ਕੇ ਚੰਗਾ ਕੰਮ ਕੀਤਾ ਹੈ ਅਤੇ ਰਾਜਨੀਤਕ ਵਿਅਕਤੀ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਉਸ ਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ।