ਪੰਜਾਬ ਸਰਕਾਰ ਦੇ ਰੁਜ਼ਗਾਰ ਮੇਲੇ 'ਚ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵੱਲੋਂ ਨਾਅਰੇਬਾਜ਼ੀ

09/21/2019 4:48:16 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਦੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਚ ਲੱਗੇ ਰੁਜ਼ਗਾਰ ਮੇਲੇ ਵਿਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਬੇਰੁਜ਼ਗਾਰ ਟੈੱਟ ਪਾਸ ਬੀ. ਐੱਡ. ਅਧਿਆਪਕਾਂ ਨੇ ਮੇਲੇ ਦਾ ਬਾਈਕਾਟ ਕਰਦਿਆਂ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਸਟੇਜ 'ਤੇ ਕਬਜ਼ਾ ਕਰ ਲਿਆ। ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਪੰਜਾਬ ਸਰਕਾਰ ਵਲੋਂ ਲਗਾਏ ਇਸ ਮੇਲੇ ਨੂੰ ਲੋਕਾਂ ਨਾਲ ਕੀਤਾ ਧੋਖਾ ਦੱਸਿਆ। ਮੇਲੇ ਦੌਰਾਨ ਅਧਿਆਪਕਾਂ ਨੇ ਰੋਸ 'ਚ ਆ ਕੇ ਸਰਕਾਰ ਵਿਰੁੱਧ ਹੱਥਾਂ ਵਿਚ ਬੈਨਰ ਫੜ ਕੇ ਨਾਅਰੇਬਾਜ਼ੀ ਕਰਦਿਆਂ ਰੁਜ਼ਗਾਰ ਮੇਲੇ ਨੂੰ ਨੌਜਵਾਨ ਮੁੰਡੇ-ਕੁੜੀਆਂ ਨਾਲ ਧੋਖਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲਿਆਂ ਦੌਰਾਨ ਨੌਜਵਾਨਾਂ ਨੂੰ ਸਿਰਫ 6 ਤੋਂ 7 ਹਜ਼ਾਰ ਰੁਪਏ ਦਾ ਹੀ ਰੁਜ਼ਗਾਰ ਦਿੱਤਾ ਜਾਂਦਾ ਹੈ ਅਤੇ ਜਿਹੜੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਬਾਹਰਲੇ ਸੂਬਿਆਂ 'ਚ ਭੇਜ ਦਿੱਤਾ ਜਾਂਦਾ ਹੈ, ਉਨ੍ਹਾਂ ਦੇ ਰਹਿਣ ਦਾ ਖਰਚਾ ਵੀ ਤਨਖਾਹ ਨਾਲੋਂ ਵੱਧ ਹੁੰਦਾ ਹੈ।

ਆਗੂਆਂ ਨੇ ਕਿਹਾ ਕਿ ਉਹ ਅਧਿਆਪਕ ਭਰਤੀ ਹੋਣ ਲਈ ਜ਼ਰੂਰੀ ਟੈਸਟ ਪਾਸ ਕਰਨ ਦੇ ਬਾਵਜੂਦ ਬੇਰੁਜ਼ਗਾਰ ਹਨ। ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਹੋਣ ਕਾਰਨ ਲੋਕ ਜਿੰਦਰਾ ਮਾਰਨ ਲਈ ਮਜ਼ਬੂਰ ਹਨ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਕਰੀਬ 50 ਹਜ਼ਾਰ ਟੈੱਟ ਪਾਸ ਉਮੀਦਵਾਰ ਬੇਰੁਜ਼ਗਾਰ ਹਨ, ਦੂਜੇ ਪਾਸੇ ਕਰੀਬ 30 ਹਜ਼ਾਰ ਅਸਾਮੀਆਂ ਖਾਲੀ ਹਨ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ 'ਤੇ ਵਾਅਦਾਖਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਚੋਣਾਂ ਦੌਰਾਨ ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਰੁਜ਼ਗਾਰ ਅਧਿਆਪਕਾਂ ਨਾਲ ਮੀਟਿੰਗ ਕਰਨ ਦਾ ਸਮਾਂ ਵੀ ਨਹੀਂ ਕੱਢ ਰਹੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਨਾ ਹੋਣ 'ਤੇ ਆਗਾਮੀ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦਾ ਵਿਰੋਧ ਜਾਰੀ ਰੱਖਿਆ ਜਾਵੇਗਾ।

cherry

This news is Content Editor cherry