ਸ੍ਰੀ ਨਨਕਾਣਾ ਸਾਹਿਬ ਵਿਖੇ ਹੁੜਦੰਗ ਮਚਾਉਣ ਵਾਲਿਆਂ ''ਤੇ ਕਾਰਵਾਈ ਕਰੇ ਇਮਰਾਨ : ਦਾਦੂਵਾਲ

01/04/2020 1:19:04 PM

ਬਠਿੰਡਾ (ਮਨੀਸ਼) : ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਤਾਜ਼ਾ ਘਟਨਾ ਦਾ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸਖਤ ਨੋਟਿਸ ਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਸਿੱਖ ਧਰਮ ਦੀ ਆਸਥਾ ਦਾ ਪ੍ਰਤੀਕ ਹੈ ਅਤੇ ਜਿਵੇਂ ਇਸਲਾਮ ਵਿਚ ਮੁਸਲਮਾਨ ਭਰਾਵਾਂ ਲਈ ਮੱਕਾ ਹੈ, ਇਸੇ ਤਰ੍ਹਾਂ ਸਿੱਖ ਸੰਗਤਾਂ ਲਈ ਗੁਰਦੁਆਰਾ ਨਨਕਾਣਾ ਸਾਹਿਬ ਹੈ, ਜਿੱਥੇ ਦੁਨੀਆ ਭਰ ਤੋਂ ਸਿੱਖ ਸੰਗਤਾਂ ਪੁੱਜ ਕੇ ਦਰਸ਼ਨ ਦੀਦਾਰੇ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਦੀ ਧਰਤੀ 'ਤੇ ਕੁਝ ਸਿੱਖ ਪਰਿਵਾਰ ਸੰਨ 1947 ਤੋਂ ਪਹਿਲਾਂ ਦੇ ਵੱਸਦੇ ਹਨ, ਜਿਨ੍ਹਾਂ ਨੇ ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਗੁਰਦੁਆਰਾ ਨਨਕਾਣਾ ਸਾਹਿਬ ਦੀ ਸੇਵਾ-ਸੰਭਾਲ ਨੂੰ ਚੁਣਿਆ ਅਤੇ ਨਨਕਾਣਾ ਸਾਹਿਬ ਨਹੀਂ ਸੀ ਛੱਡਿਆ ਪਰ ਹੁਣ ਕੁਝ ਸ਼ਰਾਰਤੀ ਲੋਕਾਂ ਵੱਲੋਂ ਨਨਕਾਣਾ ਸਾਹਿਬ ਵਿਚ ਵੱਸਦੇ ਸਿੱਖਾਂ ਨੂੰ ਨਨਕਾਣਾ ਸਾਹਿਬ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਜਿਨ੍ਹਾਂ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦਾ ਲਾਂਘਾ ਖੋਲ੍ਹ ਕੇ ਸੰਸਾਰ ਵਿਚ ਨਾਮਨਾ ਖੱਟਿਆ ਤੇ ਸਿੱਖ ਹਿਰਦਿਆਂ ਵਿਚ ਆਪਣੀ ਥਾਂ ਬਣਾਈ ਹੈ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਨਕਾਣਾ ਸਾਹਿਬ ਵਿਖੇ ਹੁੜਦੰਗ ਮਚਾਉਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕਰੇ ਤਾਂ ਕਿ ਅੱਗੇ ਤੋਂ ਕੋਈ ਵੀ ਇਸ ਤਰ੍ਹਾਂ ਦੁਬਾਰਾ ਹੁੜਦੰਗ ਨਾ ਮਚਾ ਸਕੇ।

cherry

This news is Content Editor cherry