ਕੈਬਨਿਟ ਮੰਤਰੀ ਕਾਂਗੜ ਨੇ ਮਕਾਨਾਂ ਲਈ ਲੱਖਾਂ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ

02/11/2020 10:14:25 AM

ਬਠਿੰਡਾ/ਭਾਈ ਰੂਪਾ/ਭਗਤਾ (ਵਰਮਾ/ਪ੍ਰਵੀਨ/ਜ. ਬ.) : ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸੋਮਵਾਰ ਨੂੰ ਹਲਕੇ ਦੇ ਦੌਰੇ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘'ਤੇ ਹੱਲ ਕਰਵਾਈਆਂ ਗਈਆਂ। ਇਸ ਦੌਰਾਨ ਉਨ੍ਹਾਂ ਵਲੋਂ ਢਿਪਾਲੀ ਪਿੰਡ ਦੇ ਗਰੀਬ ਲੋਕਾਂ ਲਈ ਮਕਾਨ ਬਣਾਉਣ ਵਾਸਤੇ ਆਈ ਲੱਖਾਂ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ 3 ਸਾਲ ਦੀਆਂ ਪ੍ਰਾਪਤੀਆਂ ਸ਼ਲਾਘਾਯੋਗ ਹਨ। ਇਸ ਸਮੇਂ ਵਿਚ ਜਿਥੇ ਨਾਮੀ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ, ਉਥੇ ਛੋਟੇ-ਮੋਟੇ ਅਪਰਾਧਾਂ ਵਿਚ ਵੀ ਭਾਰੀ ਕਮੀ ਆਈ ਹੈ। ਜਿਥੇ ਕਿਸਾਨਾਂ ਦੀ ਕਰਜ਼ਾ ਮੁਆਫੀ ਲਗਾਤਾਰ ਜਾਰੀ ਹੈ, ਉਥੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਉਹ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ। ਇਸ ਦੌਰਾਨ ਉਨ੍ਹਾਂ ਨਗਰ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਪ੍ਰਪੋਜ਼ਲ ਬਣਾ ਕੇ ਭੇਜਣ ਨੂੰ ਕਿਹਾ। ਲੋਕਾਂ ਦੀਆਂ ਪੈਨਸ਼ਨਾਂ ਅਤੇ ਆਟਾ-ਦਾਲ ਕਾਰਡ ਆਦਿ ਬਾਰੇ ਉਨ੍ਹਾਂ ਕਿਹਾ ਕਿ ਰਾਮਪੁਰਾਫੂਲ ਹਲਕੇ ਦੇ ਯੋਗ ਲਾਭਪਾਤਰੀਆਂ ਨੂੰ ਸਾਰੀਆਂ ਸਕੀਮਾਂ ਦਾ ਲਾਭ ਮਿਲੇਗਾ, ਜਿਸ ਲਈ ਉਹ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਮੇਜਰ ਸਿੰਘ ਜੀ. ਐੱਸ., ਤੀਰਥ ਸਿੰਘ ਭਾਈਰੂਪਾ, ਸੁਖਜੀਤ ਸਿੰਘ ਲਾਲੀ ਨਿੱਜੀ ਸਹਾਇਕ ਅਤੇ ਅਮਰਿੰਦਰ ਸਿੰਘ ਰਾਜਾ ਸਿਟੀ ਯੂਥ ਪ੍ਰਧਾਨ ਆਦਿ ਹਾਜ਼ਰ ਸਨ।


cherry

Content Editor

Related News