ਬਠਿੰਡਾ : ਮਾਂ-ਪੁੱਤ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਦੱਸੀ ਹਾਦਸੇ ਦੀ ਅਸਲ ਵਜ੍ਹਾ

02/20/2020 3:57:52 PM

ਬਠਿੰਡਾ (ਕੁਨਾਲ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਨਜ਼ਦੀਕ ਬੁੱਧਵਾਰ ਨੂੰ ਕਾਰ 'ਤੇ ਟਰੱਕ ਦੀ ਸਿੱਧੀ ਟੱਕਰ 'ਚ ਕਾਰ ਸਵਾਰ ਮਾਂ-ਪੁੱਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਅੱਜ ਬਠਿੰਡਾ ਦੇ ਸਿਵਲ ਹਸਪਤਾਲ ਦੇ ਬਾਹਰ ਰੋਡ ਜਾਮ ਕਰਕੇ ਧਰਨਾ ਲਗਾਇਆ ਹੈ ਅਤੇ ਇਸ ਦੌਰਾਨ ਉਨ੍ਹਾਂ ਨੇ ਹਾਦਸੇ ਦੇ ਅਸਲ ਕਾਰਨਾਂ ਨੂੰ ਵੀ ਬਿਆਨ ਕੀਤਾ। ਦੱਸ ਦੇਈਏ ਕਿ ਇਸ ਹਾਦਸੇ ਵਿਚ ਜ਼ਖਮੀ ਹੋਈ ਕੁੜੀ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਇਸ ਹਾਦਸੇ ਵਿਚ ਜ਼ਖਮੀ ਹੋਈ ਕੁੜੀ ਦਾ ਆਪਣੇ ਸਹੁਰੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ ਅਤੇ ਬੀਤੇ ਦਿਨ ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਸਹੁਰਾ ਪਰਿਵਾਰ ਵਿਚਾਲੇ ਤਿੱਖੀ ਬਹਿਸ ਵੀ ਹੋਈ। ਇਸ ਤੋਂ ਬਾਅਦ ਕੁੜੀ ਦੀ ਮਾਂ ਬਿਮਲਾ ਦੇਵੀ ਅਤੇ ਭਰਾ ਕ੍ਰਿਸ਼ਨ ਕੁਮਾਰ ਉਸ ਨੂੰ ਆਪਣੇ ਨਾਲ ਲੈ ਕੇ ਅਲਟੋ ਕਾਰ 'ਤੇ ਬਠਿੰਡਾ ਤੋਂ ਡੱਬਵਾਲੀ ਮੰਡੀ ਜਾ ਰਹੇ ਸਨ ਪਰ ਸਹੁਰਾ ਪਰਿਵਾਰ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੁੜੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕਾਂ ਦੇ ਰਿਸ਼ੇਤਦਾਰਾਂ ਨੇ ਜ਼ਖਮੀ ਕੁੜੀ ਦੇ ਸਹੁਰਾ ਪਰਿਵਾਰ ਨੂੰ ਇਸ ਘਟਨਾ ਲਈ ਜ਼ਿੰਮੇਦਾਰ ਠਹਿਰਾਇਆ ਹੈ। ਉਨ੍ਹਾਂ ਪੁਲਸ ਤੋਂ ਕੁੜੀ ਦੇ ਸਹੁਰਾ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਪੁਲਸ ਵੱਲੋਂ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

cherry

This news is Content Editor cherry