ਜ਼ਿਲੇ ''ਚ ਪਰਾਲੀ ਸਾੜਨ ਵਾਲੇ 48 ਕਿਸਾਨਾਂ ਖਿਲਾਫ਼ ਐੱਫ.ਆਈ.ਆਰ ਦਰਜ : ਡਿਪਟੀ ਕਮਿਸ਼ਨਰ

11/06/2019 4:26:43 PM

ਬਠਿੰਡਾ(ਵਰਮਾ) : ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ 'ਚ ਪਰਾਲੀ ਤੇ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਬਣਾਈਆਂ ਗਈਆਂ ਸਾਂਝੀਆਂ ਟੀਮਾਂ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਜ਼ਿਲੇ ਅੰਦਰ ਹੁਣ ਤੱਕ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ 'ਤੇ 298 ਚਲਾਨ ਕਰ ਕੇ 9,58,500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ 48 ਕਿਸਾਨਾਂ ਖਿਲਾਫ਼ ਐੱਫ. ਆਈ. ਆਰ ਵੀ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬਿਨਾਂ ਐੱਸ. ਐੱਮ. ਐੱਸ. ਯੰਤਰ ਦੇ ਝੋਨੇ ਦੀ ਕਟਾਈ ਕਰਨ ਵਾਲੀਆਂ 15 ਕੰਬਾਈਨਾਂ ਦੇ ਮਾਲਕਾਂ ਨੂੰ 30 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਦੀਆਂ ਬਣਾਈਆਂ ਗਈਆਂ ਸਾਂਝੀਆਂ ਟੀਮਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਵੀ ਪਿੰਡਾਂ ਦੀਆਂ ਪੰਚਾਇਤਾਂ ਤੇ ਨੰਬਰਦਾਰਾਂ ਵੱਲੋਂ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਈ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ਼ ਤੁਰੰਤ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣ। ਇਸ ਤੋਂ ਇਲਾਵਾ ਖੇਤੀ ਕਰਨ ਵਾਲੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਜੇਕਰ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਂਦੇ ਹਨ ਤਾਂ ਉਨ੍ਹਾਂ ਖਿਲਾਫ਼ ਵੀ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਜ਼ਿਲੇ ਅੰਦਰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਿੰਡ ਪੱਧਰ ਤੋਂ ਲੈ ਕੇ ਬਲਾਕ ਪੱਧਰ ਤੱਕ ਵੱਖ-ਵੱਖ ਵਿਭਾਗਾਂ ਦੀਆਂ 25 ਸਾਂਝੀਆਂ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਲਗਾਤਾਰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਦੌਰਾਨ ਜੋ ਵੀ ਕਿਸਾਨ ਝੋਨੇ ਦੇ ਨਾੜ ਨੂੰ ਅੱਗ ਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਐੱਫ. ਆਈ. ਆਰ. ਦਰਜ ਕਰਨ ਤੋਂ ਇਲਾਵਾ ਉਸ ਦਾ ਚਲਾਨ ਕਰ ਕੇ ਬਣਦਾ ਜੁਰਮਾਨਾ ਵੀ ਕੀਤਾ ਜਾਂਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਵੱਖ-ਵੱਖ ਟੀਮਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ 48 ਕਿਸਾਨਾਂ ਦੇ ਖਿਲਾਫ਼ ਐੱਫ਼. ਆਈ. ਆਰ. ਦਰਜ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਦੇ ਚਲਾਨ ਕੱਟ ਕੇ ਜੁਰਮਾਨਾ ਵੀ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ। ਡਿਪਟੀ ਕਮਿਸ਼ਨਰ ਨੇ ਨਿਯੁਕਤ ਕੀਤੀਆਂ ਗਈਆਂ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਫੀਲਡ 'ਚ ਜਾ ਕੇ ਲਗਾਤਾਰ ਨਜ਼ਰਸਾਨੀ ਕਰਨ।


cherry

Content Editor

Related News