ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਨੇ ਕੀਤਾ ਬਠਿੰਡਾ ਦੇ DC ਦਫਤਰ ਦਾ ਘਿਰਾਓ

Thursday, Jan 23, 2020 - 05:11 PM (IST)

ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਨੇ ਕੀਤਾ ਬਠਿੰਡਾ ਦੇ DC ਦਫਤਰ ਦਾ ਘਿਰਾਓ

ਬਠਿੰਡਾ (ਕੁਨਾਲ, ਪਰਮਿੰਦਰ) : ਕਿਸਾਨਾਂ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਭਾਕਿਯੂ (ਕ੍ਰਾਂਤੀਕਾਰੀ) ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਵੀ ਕੀਤਾ। ਇਸ ਮੌਕੇ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਫੂਲ, ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਆਦਿ ਤੋਂ ਇਲਾਵਾ ਕ੍ਰਾਂਤੀਕਾਰੀ ਗ੍ਰਾਮੀਣ ਮਜ਼ਦੂਰ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ, ਕੁਲਵੰਤ ਸਿੰਘ ਸੇਲਬਰਾਹ, ਲੋਕ ਸੰਗ੍ਰਾਮ ਮੰਚ ਪੰਜਾਬ ਦੀ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।

ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੇ ਮਸਲਿਆਂ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਕਿਸਾਨਾਂ ਨੂੰ ਫਸਲਾਂ ਦੇ ਪੂਰੇ ਮੁੱਲ ਨਹੀਂ ਮਿਲ ਰਹੇ ਅਤੇ ਨਾ ਹੀ ਉਨ੍ਹਾਂ ਨੂੰ ਕਰਜ਼ ਤੋਂ ਮੁਕਤੀ ਦਿਵਾਉਣ ਲਈ ਕੋਈ ਕਦਮ ਚੁੱਕੇ ਜਾ ਰਹੇ ਹਨ। ਬੁਲਾਰਿਆਂ ਨੇ ਪਰਾਲੀ ਸਾੜਣ ਵਾਲੇ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਜੁਰਮਾਨਿਆਂ ਦੀ ਵੀ ਨਿੰਦਾ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸਦੇ ਨਾਲ ਹੀ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਫੂਲ ਨੂੰ ਜਾਨੋਂ ਮਾਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਵਾਂਝੇ ਕਿਸਾਨਾਂ ਨੇ ਪਿਛਲੇ ਸਾਲ ਆਪਣੀਆਂ ਅਰਜ਼ੀਆਂ ਦਿੱਤੀਆਂ ਸੀ ਪਰ ਹੁਣ ਤੱਕ ਉਨ੍ਹਾਂ ਦੇ ਮਾਮਲਿਆਂ 'ਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ-ਪੱਤਰ ਵੀ ਸੌਂਪਿਆ ਅਤੇ ਕਿਸਾਨਾਂ ਦੇ ਮਸਲਿਆਂ ਦਾ ਤੁਰੰਤ ਸਮਾਧਾਨ ਕਰਨ ਦੀ ਮੰਗ ਕੀਤੀ।


author

cherry

Content Editor

Related News